ਬੇਲਾਗਵੀ (ਕਰਨਾਟਕ): ਕਰਨਾਟਕ ਵਜ਼ਾਰਤ ਨੇ ਵਿਵਾਦਿਤ ਧਰਮ ਪਰਿਵਰਤਨ ਰੋਕਥਾਮ ਬਿੱਲ ‘ਕਰਨਾਟਕ ਧਰਮ ਦੀ ਆਜ਼ਾਦੀ ਦੇ ਅਧਿਕਾਰ ਦੀ ਸੁਰੱਖਿਆ ਬਿੱਲ- 2021’ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਨੂੰ ਭਲਕੇ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ, ‘‘ਮੁੱਖ ਮੰਤਰੀ ਬਸਵਾਰਾਜ ਬੋਮੱਈ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਤਜਵੀਜ਼ਤ ਧਰਮ ਪਰਿਵਰਤਨ ਰੋਕਥਾਮ ਬਿੱਲ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸ ਨੂੰ ਭਲਕੇ ਅਸੈਂਬਲੀ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।’’ ਮੰਤਰੀ ਮੰਡਲ ਦੇ ਫ਼ੈਸਲਿਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਕਿਉਂਕਿ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ।
ਵਿਰੋਧੀ ਧਿਰਾਂ ਅਤੇ ਈਸਾਈ ਭਾਈਚਾਰੇ ਵੱਲੋਂ ਇਸ ਬਿੱਲ ਦਾ ਇਹ ਕਹਿ ਕੇ ਵਿਰੋਧ ਕੀਤਾ ਜਾ ਰਿਹਾ ਹੈ ਕਿ ਇਸ ਵਿੱਚ ਸਜ਼ਾ ਦੀ ਵਿਵਸਥਾ ਹੈ। ਬਿੱਲ ਮੁਤਾਬਕ ਧਰਮ ਪਰਿਵਰਤਨ ਲਈ ਵਿਅਕਤੀ ਨੂੰ ਡੀਸੀ ਕੋਲ ਦੋ ਮਹੀਨੇ ਪਹਿਲਾਂ ਅਰਜ਼ੀ ਦੇਣੀ ਹੋਵੇਗੀ। -ਪੀਟੀਆਈ