ਸ੍ਰੀਨਗਰ, 3 ਅਗਸਤ
ਜੰਮੂ ਤੇ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਦਰਜਾ ਵਾਪਸ ਲਏ ਜਾਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕਸ਼ਮੀਰ ਵਾਦੀ ਵਿੱਚ ਅੱਜ ਪਾਬੰਦੀਆਂ ਆਇਦ ਕਰ ਦਿੱਤੀਆਂ ਗਈਆਂ ਹਨ। ਵਾਦੀ ਵਿਚਲੇ ਬਾਜ਼ਾਰਾਂ ਤੇ ਸੜਕਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਹਾਲਾਂਕਿ ਇਨ੍ਹਾਂ ਪਾਬੰਦੀਆਂ ਨੂੰ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ਉਪਰਾਲਿਆਂ ਦਾ ਹਿੱਸਾ ਦੱਸਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਬੰਦੀਆਂ ਦੌਰਾਨ ਲੋਕਾਂ ਦੀ ਆਮਦੋਰਫ਼ਤ ’ਤੇ ਮੁਕੰਮਲ ਰੋਕ ਰਹੇਗੀ, ਜਦੋਂਕਿ ਜ਼ਰੂਰੀ ਸੇਵਾਵਾਂ ਤੇ ਮੈਡੀਕਲ ਐਮਰਜੰਸੀ ਦੀ ਖੁੱਲ੍ਹ ਦਿੱਤੀ ਜਾਵੇਗੀ। ਜੰਮੂ ਤੇ ਕਸ਼ਮੀਰ ਵਿੱਚ ਐਤਵਾਰ ਨੂੰ 444 ਕਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਸੀ। ਪਿਛਲੇ ਸਾਲ 5 ਅਗਸਤ ਨੂੰ ਧਾਰਾ 370 ਤੇ 35ਏ ਮਨਸੂਖ਼ ਕੀਤੇ ਜਾਣ ਨਾਲ ਜੰਮੂ ਤੇ ਕਸ਼ਮੀਰ ਨੂੰ ਮਿਲਿਆ ਵਿਸ਼ੇਸ਼ ਦਰਜਾ ਖ਼ਤਮ ਹੋ ਗਿਆ ਸੀ ਤੇ ਕੇਂਦਰ ਸਰਕਾਰ ਨੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੰਡ ਦਿੱਤਾ ਸੀ।