ਕਸ਼ਮੀਰ ਵਾਦੀ ਠੰਢ ਦੀ ਜਕੜ ਵਿਚ, ਪੁਲਵਾਮਾ ਮਨਫੀ 5.5 ਡਿਗਰੀ ਤਾਪਮਾਨ ਨਾਲ ਠਰਿਆ
ਠੰਢ ਨੇ ਕਸ਼ਮੀਰ ਵਾਦੀ ਨੂੰ ਆਪਣੀ ਜਕੜ ਵਿਚ ਲੈ ਲਿਠਾ ਹੈ ਤੇ ਸ਼ੁੱਕਰਵਾਰ ਨੂੰ ਘੱਟੋ ਘੱਟ ਤਾਪਮਾਨ ਮਨਫੀ ਤੋਂ ਹੇਠਾਂ ਰਿਹਾ। ਜੰਮੂ ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿਚ ਵੀਰਵਾਰ ਰਾਤ ਨੂੰ ਮਨਫੀ 3.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਹਾਲਾਂਕਿ ਇਸ ਤੋਂ ਪਿਛਲੀ ਰਾਤ ਘੱਟੋ ਘੱਟ ਤਾਪਮਾਨ ਮਨਫੀ 2.9 ਡਿਗਰੀ ਸੀ।
ਦੱਖਣੀ ਕਸ਼ਮੀਰ ਦੇ ਕਾਜ਼ੀਗੁੰਡ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 3.6 ਡਿਗਰੀ ਸੈਲਸੀਅਸ ਅਤੇ ਦੱਖਣੀ ਕਸ਼ਮੀਰ ਦੇ ਕੋਕਰਨਾਗ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 0.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਦੱਖਣੀ ਕਸ਼ਮੀਰ ਵਿੱਚ ਅਮਰਨਾਥ ਯਾਤਰਾ ਲਈ ਬੇਸ ਕੈਂਪਾਂ ਵਿੱਚੋਂ ਇੱਕ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ ਦੇ ਮਸ਼ਹੂਰ ਸਕੀ ਰਿਜ਼ੌਰਟ ਗੁਲਮਰਗ ਵਿੱਚ ਰਾਤ ਦਾ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਰਿਹਾ।
ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਵਿੱਚ ਪੁਲਵਾਮਾ ਜੰਮੂ ਕਸ਼ਮੀਰ ਵਿੱਚ ਸਭ ਤੋਂ ਠੰਢਾ ਸਥਾਨ ਸੀ ਜਿੱਥੇ ਮਨਫ਼ੀ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਗੁਆਂਢੀ ਸ਼ੋਪੀਆਂ ਵਿੱਚ ਮਨਫ਼ੀ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕਸ਼ਮੀਰ ਘਾਟੀ ਵਿੱਚ ਮੌਜੂਦਾ ਖੁਸ਼ਕ ਮੌਸਮ ਕਾਰਨ ਖੰਘ ਅਤੇ ਆਮ ਜ਼ੁਕਾਮ ਵਰਗੀਆਂ ਬਿਮਾਰੀਆਂ ਵਿੱਚ ਵਾਧਾ ਹੋਇਆ ਹੈ। ਡਾਕਟਰਾਂ ਨੇ ਲੋਕਾਂ, ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਵਧਾਨੀ ਵਰਤਣ ਅਤੇ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ 13 ਤੋਂ 17 ਦਸੰਬਰ ਤੱਕ ਉੱਤਰੀ ਅਤੇ ਮੱਧ ਕਸ਼ਮੀਰ ਦੇ ਦੂਰ-ਦੁਰਾਡੇ ਉੱਚੇ ਇਲਾਕਿਆਂ ਵਿੱਚ ਬਹੁਤ ਹਲਕੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
ਇਸ ਵਿੱਚ ਕਿਹਾ ਗਿਆ ਹੈ ਕਿ 18 ਅਤੇ 19 ਦਸੰਬਰ ਨੂੰ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਪਰ 20-21 ਦਸੰਬਰ ਨੂੰ ‘ਚਿਲੈ ਕਲਾਂ’, ਜੋ ਕਿ 40 ਦਿਨਾਂ ਦਾ ਸਭ ਤੋਂ ਸਖ਼ਤ ਸਰਦੀਆਂ ਦਾ ਸਮਾਂ ਹੈ, ਦੇ ਸ਼ੁਰੂ ਹੋਣ ਮੌਕੇ ਘਾਟੀ ਵਿਚ ਵੱਖ-ਵੱਖ ਥਾਵਾਂ ’ਤੇ ਹਲਕੀ ਬਾਰਿਸ਼/ਬਰਫ਼ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਘਾਟੀ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਧੁੰਦ ਰਹਿਣ ਦੀ ਸੰਭਾਵਨਾ ਹੈ।
