ਮਹਾਂਵੀਰ ਮਿੱਤਲ
ਜੀਂਦ, 4 ਅਪਰੈਲ
ਇੱਥੋਂ ਦੇ ਹੁੱਡਾ ਮੈਦਾਨ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਕਰਵਾਈ ਗਈ ਕਿਸਾਨ ਮਹਾਪੰਚਾਇਤ ਦੌਰਾਨ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ ਨੂੰ ਸੱਚੇ ਦੇਸ਼ ਭਗਤ ਅਤੇ ਇਸ ਦਾ ਵਿਰੋਧ ਕਰਨ ਵਾਲਿਆਂ ਨੂੰ ਦੇਸ਼ ਦੇ ਗੱਦਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 300 ਤੋਂ ਵੱਧ ਕਿਸਾਨਾਂ ਨੇ ਇਸ ਸੰਘਰਸ਼ ਵਿੱਚ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਬੇਕਾਰ ਨਹੀਂ ਜਾਣ ਦਿੱਤਾ ਜਾਵੇਗਾ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਇਸ ਅੰਦੋਲਨ ਵਿੱਚ ਜਿੱਤ ਕਿਸਾਨਾਂ ਦੀ ਹੀ ਹੋਵੇਗੀ। ਕੇਂਦਰ ਨੂੰ ਝੁਕਣਾ ਪਵੇਗਾ ਅਤੇ ਤਿੰਨੇ ਕਾਨੂੰਨ ਵਾਪਸ ਲੈਣੇ ਪੈਣਗੇ। ਉਨ੍ਹਾਂ ਕਿਹਾ ਕਿ ‘ਆਪ’ ਸ਼ੁਰੂ ਤੋਂ ਹੀ ਕਿਸਾਨਾਂ ਦੀ ਹਮਾਇਤ ਵਿੱਚ ਹੈ ਅਤੇ ਪਾਰਟੀ ਦਾ ਇਹ ਸਾਥ ਸੰਘਰਸ਼ ਦੇ ਅੰਤ ਤਕ ਜਾਰੀ ਰਹੇਗਾ।