ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਅਕਤੂਬਰ
ਭਾਜਪਾ ਦੇ ਰਾਜ ਸਭਾ ਮੈਂਬਰ ਤੇ ਕੌਮੀ ਬੁਲਾਰੇ ਡਾ. ਸੁਧਾਂਸ਼ੂ ਤ੍ਰਿਵੇਦੀ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ’ਤੇ ਬਿਜਲੀ ਕੰਪਨੀਆਂ ਦੇ 3229 ਕਰੋੜ ਰੁਪਏ ਦੇ ਬਕਾਏ ਮੁਆਫ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਦਿੱਲੀ ਵਾਸੀਆਂ ਨੂੰ ਛੋਟ ਦੇਣ ਦੀਆਂ ਗੱਲਾਂ ਬੇਬੁਨਿਆਦ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤ੍ਰਿਵੇਦੀ ਨੇ ਕਿਹਾ ਕਿ ਨਿੱਜੀ ਬਿਜਲੀ ਕੰਪਨੀਆਂ ਨੂੰ ਲੇਟ ਫੀਸ ਦੇ ਨਾਂ ’ਤੇ 18 ਫੀਸਦੀ ਵਸੂਲੀ ਕਰਨ ਦੀ ਇਜਾਜ਼ਤ ਦਿੱਤੀ ਗਈ, ਜਦਕਿ ਕੰਪਨੀਆਂ ਨੇ ਦਿੱਲੀ ਸਰਕਾਰ ਨੂੰ ਸਿਰਫ਼ 12 ਫ਼ੀਸਦੀ ਰਾਸ਼ੀ ਜਮ੍ਹਾਂ ਕਰਵਾਈ। ਬਾਕੀ ਦੀ ਛੇ ਫੀਸਦੀ ਯਾਨੀ ਲਗਪਗ 8,000 ਕਰੋੜ ਰੁਪਏ ਕਿੱਧਰ ਗਏ। ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।