ਕੇਜਰੀਵਾਲ ਨੂੰ ਦਸ ਦਿਨਾਂ ਅੰਦਰ ਮਿਲੇਗੀ ਸਰਕਾਰੀ ਰਿਹਾਇਸ਼
ਕੇਂਦਰ ਸਰਕਾਰ ਨੇ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਗਲੇ 10 ਦਿਨਾਂ ਦੇ ਅੰਦਰ ਸਰਕਾਰੀ ਰਿਹਾਇਸ਼ ਦੇ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਵੱਲੋਂ ਨਿਯਮਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਨੂੰ ਸਰਕਾਰੀ ਕੋਟੇ ਵਿੱਚੋਂ ਰਿਹਾਇਸ਼ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੁੱਦੇ ਨੂੰ ਲੈ ਕੇ ‘ਆਪ’ ਨੇ ਕਈ ਵਾਰ ਭਾਜਪਾ ਅਤੇ ਉਪ ਰਾਜਪਾਲ ਨੂੰ ਭੰਡਿਆ ਸੀ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਸਚਿਨ ਦੱਤਾ ਦੀ ਅਦਾਲਤ ’ਚ ਇਹ ਜਾਣਕਾਰੀ ਦਿੱਤੀ ਕਿ ਕੇਜਰੀਵਾਲ ਨੂੰ ਸਰਕਾਰੀ ਰਿਹਾਇਸ਼ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲਾ ਹੁਣ ਹੱਲ ਹੋ ਗਿਆ ਹੈ ਅਤੇ ਕੇਜਰੀਵਾਲ ਨੂੰ ਲਾਗੂ ਨਿਯਮਾਂ ਅਨੁਸਾਰ ਢੁਕਵੀਂ ਰਿਹਾਇਸ਼ ਅਲਾਟ ਕੀਤੀ ਜਾਵੇਗੀ। ਅਦਾਲਤ ਨੇ ਕੇਂਦਰ ਸਰਕਾਰ ਦੇ ਇਸ ਬਿਆਨ ਨੂੰ ਰਿਕਾਰਡ ’ਤੇ ਲੈਂਦਿਆਂ ਕਿਹਾ ਕਿ ਇਸ ਸਬੰਧ ਵਿੱਚ ਢੁਕਵੇਂ ਆਦੇਸ਼ ਪਾਸ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਰਕਾਰੀ ਰਿਹਾਇਸ਼ ਅਲਾਟ ਕਰਨ ਨੂੰ ਲੈ ਕੇ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਕੇਂਦਰ ਸਰਕਾਰ ਦੇ ਇਸ ਭਰੋਸੇ ਨੂੰ ਵਿਵਾਦ ਹੱਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਰਿਹਾਇਸ਼ ਅਲਾਟ ਕਰਨ ਦੀ ਮੰਗ ਕੀਤੀ ਸੀ। 18 ਸਤੰਬਰ ਨੂੰ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਜਸਟਿਸ ਸਚਿਨ ਦੱਤਾ ਦੀ ਅਗਵਾਈ ਵਾਲੇ ਬੈਂਚ ਨੇ ਰਿਹਾਇਸ਼ ਅਲਾਟ ਕਰਨ ਵਿੱਚ ਹੋ ਰਹੀ ਦੇਰੀ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ ਅਤੇ ਕਿਹਾ ਸੀ ਕਿ ਇਹ ਫ਼ੈਸਲਾ ਅਧਿਕਾਰੀਆਂ ਦੀ ਮਨਮਾਨੀ ’ਤੇ ਆਧਾਰਿਤ ਨਹੀਂ ਹੋ ਸਕਦਾ।