ਰਾਏਪੁਰ, 7 ਜੁਲਾਈ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹੁਕਮਰਾਨ ਭਾਜਪਾ ’ਤੇ ਚੋਣ ਵਾਅਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਲੋਕਾਂ ਨੂੰ ਆਪਣੇ ਜਲ, ਜੰਗਲ ਅਤੇ ਜ਼ਮੀਨ ਬਚਾਉਣ ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਭਾਜਪਾ ’ਤੇ ਇਹ ਵੀ ਦੋਸ਼ ਲਾਇਆ ਕਿ ਉਹ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਦੇਸ਼ ’ਚ ਹਰ ਕਿਸੇ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੋਹਲੇਧਾਰ ਮੀਂਹ ਦਰਮਿਆਨ ‘ਜੈ ਜਵਾਨ-ਜੈ ਕਿਸਾਨ-ਜੈ ਸੰਵਿਧਾਨ’ ਰੈਲੀ ਨੂੰ ਸੰਬੋਧਨ ਕਰਦਿਆਂ ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਖੜਗੇ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਅਧੀਨ ਗਰੀਬਾਂ ਨੂੰ ਲੁੱਟਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵਰ੍ਹਦਿਆਂ ਖੜਗੇ ਨੇ ਕਿਹਾ ਕਿ ਉਨ੍ਹਾਂ ਕੋਲ ਵਿਦੇਸ਼ੀ ਮੁਲਕਾਂ ਦੇ ਦੌਰੇ ਦਾ ਸਮਾਂ ਹੈ ਪਰ ਮਨੀਪੁਰ ਜਾਣ ਦੀ ਵਿਹਲ ਨਹੀਂ ਹੈ ਜਿਥੇ ਮਈ 2023 ਤੋਂ ਜਾਤੀਗਤ ਹਿੰਸਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ’ਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਖੜਗੇ ਨੇ ਕਿਹਾ, ‘‘ਭਾਜਪਾ ਦੀ ਹਰ ਕਿਸੇ ਨੂੰ ਡਰਾਉਣ ਦੀ ਆਦਤ ਬਣ ਗਈ ਹੈ। ਤੁਸੀਂ ਤਾਂ ਹੀ ਬਚੋਗੇ ਜਦੋਂ ਤੁਸੀਂ ਡਰੋਗੇ ਨਹੀਂ। ਜੇ ਅਸੀਂ ਜਲ, ਜੰਗਲ, ਜ਼ਮੀਨ ਬਚਾਉਣਾ ਚਾਹੁੰਦੇ ਹਾਂ ਤਾਂ ਫਿਰ ਤੁਹਾਨੂੰ ਭਾਜਪਾ ਖ਼ਿਲਾਫ਼ ਰਲ ਕੇ ਲੜਨਾ ਪਵੇਗਾ।’’ ਉਨ੍ਹਾਂ ਕਿਹਾ ਕਿ ਅਡਾਨੀ ਅਤੇ ਅੰਬਾਨੀ ਵਰਗੇ ਕਾਰੋਬਾਰੀ ਛੱਤੀਸਗੜ੍ਹ ਆ ਕੇ ਜ਼ਮੀਨਾਂ ’ਤੇ ਕਬਜ਼ੇ ਕਰ ਰਹੇ ਹਨ। -ਪੀਟੀਆਈ