ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਸਤੰਬਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਰਕਾਰੀ ਪ੍ਰਾਜੈਕਟਾਂ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪਾਰਦਰਸ਼ੀ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ‘ਕੁਆਲਿਟੀ ਕੰਟਰੋਲ ਅਥਾਰਿਟੀ’ ਬਣਾਉਣ ਦਾ ਐਲਾਨ ਕੀਤਾ ਹੈ। ਇਹ ਅਥਾਰਿਟੀ ਸਮੇਂ-ਸਮੇਂ ’ਤੇ ਸਰਕਾਰ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਚੈਕਿੰਗ ਕਰੇਗੀ ਅਤੇ ਜੇਕਰ ਕੋਈ ਖਾਮੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ਵਿੱਚ 2 ਹਜ਼ਾਰ ਕਰੋੜ ਰੁਪਏ ਦੀਆਂ 174 ਯੋਜਨਾਵਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਦਿੱਤੀ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ ਨੂੰ ਖਤਮ ਕਰਕੇ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਜੈਕਟਾਂ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਕਈ ਤਰ੍ਹਾਂ ਦੀਆਂ ਧਾਂਦਲੀਆਂ ਹੁੰਦੀਆਂ ਹਨ, ਜਿਸ ਨੂੰ ਭਵਿੱਖ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਰਿਆਣਾ ਸਰਕਾਰ ਅਜਿਹਾ ਸਿਸਟਮ ਵਿਕਸਿਤ ਕਰੇਗੀ, ਜਿਸ ਵਿੱਚ ਜਨਤਾ ਨੂੰ, ਸਰਕਾਰੀ ਪ੍ਰਾਜੈਕਟਾਂ ਦੀ ਕੁਆਲਿਟੀ, ਭ੍ਰਿਸ਼ਟਾਚਾਰ, ਮਿਕਸਿੰਗ ਦੀ ਜਾਣਕਾਰੀ ਇਕ ਪੋਰਟਲ ’ਤੇ ਮਿਲ ਸਕੇਗੀ। ਮੁੱਖ ਮੰਤਰੀ ਨੇ ਸਿੱਖਿਆ, ਸਿਹਤ, ਸਿੰਜਾਈ, ਸੜਕ, ਟਰਾਂਸਪੋਰਟ ਅਤੇ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 174 ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ ਹੈ। ਇਨ੍ਹਾਂ ਯੋਜਨਾਵਾਂ ਨੂੰ ਦੋ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਕਰਨ ਲਈ 500 ਨਵੇਂ ਮਾਡਲ ਸੰਸਕ੍ਰਿਤ ਸਕੂਲ ਖੋਲ੍ਹੇ ਜਾਣਗੇ। ਸੂਬੇ ਦੇ ਘਰ-ਘਰ ਤੱਕ ਪਾਣੀ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਸੂਬੇ ਦੇ 5700 ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਰਹਿੰਦੇ ਪਿੰਡਾਂ ਨੂੰ ਵੀ ਜਲਦ 24 ਘੰਟੇ ਬਿਜਲੀ ਸਪਲਾਈ ਪਹੁੰਚਦੀ ਕੀਤੀ ਜਾਵੇਗੀ।