ਕੋਲਕਾਤਾ: ਵਿਦਿਆਰਥਣ ਨਾਲ ਜਬਰ-ਜਨਾਹ ਮਾਮਲੇ ’ਚ ਸਿਟ ਕਾਇਮ
ਕੋਲਕਾਤਾ, 28 ਜੂਨ
ਕੋਲਕਾਤਾ ਪੁਲੀਸ ਨੇ ਲਾਅ ਕਾਲਜ ’ਚ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰ-ਜਨਾਹ ਦੇ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਹੈ। ਅਧਿਕਾਰੀ ਨੇ ਦੱਸਿਆ ਕਿ ਪੰਜ ਮੈਂਬਰੀ ਸਿਟ ਦੀ ਅਗਵਾਈ ਸਹਾਇਕ ਕਮਿਸ਼ਨਰ ਪੱਧਰ ਦੇ ਅਧਿਕਾਰੀ ਕਰਨਗੇ। ਅਧਿਕਾਰੀ ਨੇ ਕਿਹਾ, ‘ਕਥਿਤ ਅਪਰਾਧ ਦੀ ਜਾਂਚ ਲਈ ਸਿਟ ਬਣਾਈ ਗਈ ਹੈ। ਇਹ ਤੁਰੰਤ ਆਪਣੀ ਜਾਂਚ ਸ਼ੁਰੂ ਕਰ ਦੇਵੇਗੀ।’ ਇਸ ਤੋਂ ਪਹਿਲਾਂ ਪੁਲੀਸ ਨੇ ਕਾਲਜ ਦੇ ਸੁਰੱਖਿਆ ਗਾਰਡ ਨੂੰ ਵੀ ਗ੍ਰਿਫ਼ਤਾਰ ਕੀਤਾ। ਉਧਰ ਕੌਮੀ ਮਹਿਲਾ ਕਮਿਸ਼ਨ (ਐੱਨਸੀਡਬਲਿਊ) ਨੇ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਕਮਿਸ਼ਨ ਮੈਂਬਰ, ਪੀੜਤਾ ਅਤੇ ਉਸ ਦੇ ਪਰਿਵਾਰ ਵਿਚਾਲੇ ਮੀਟਿੰਗ ਲਈ ਸੂਬਾ ਪੁਲੀਸ ਤੋਂ ਵੀ ਸਹਿਯੋਗ ਮੰਗਿਆ ਹੈ।
ਇਸ ਮਾਮਲੇ ਵਿੱਚ ਹੁਣ ਤੱਕ ਚਾਰ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਅਧਿਕਾਰੀ ਨੇ ਦੱਸਿਆ ਕਿ ਪੁੱਛ-ਪੜਤਾਲ ਲਈ ਹਿਰਾਸਤ ਵਿੱਚ ਲਏ ਗਏ ਸੁਰੱਖਿਆ ਗਾਰਡ ਨੂੰ ਬਾਅਦ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ, ‘ਸੁਰੱਖਿਆ ਗਾਰਡ ਦੇ ਜਵਾਬ ਸਪੱਸ਼ਟ ਨਹੀਂ ਸਨ, ਜਿਸ ਕਰਕੇ ਅਸੀਂ ਅੱਜ ਸਵੇਰੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।’ ਅਧਿਕਾਰੀ ਨੇ ਕਿਹਾ ਕਿ ਗਾਰਡ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਿਹਾ। ਉਨ੍ਹਾਂ ਕਿਹਾ, ‘ਗਾਰਡ ਨੇ ਇਸ ਗੱਲ ਦਾ ਸਪੱਸ਼ਟ ਜਵਾਬ ਨਹੀਂ ਦਿੱਤਾ ਕਿ ਉਸ ਨੇ ਢੁਕਵੀਂ ਕਾਰਵਾਈ ਕਿਉਂ ਨਹੀਂ ਕੀਤੀ ਅਤੇ ਤਿੰਨਾਂ ਮੁਲਜ਼ਮਾਂ ਨੂੰ ਅਪਰਾਧ ਕਰਨ ਤੋਂ ਰੋਕਿਆ ਕਿਉਂ ਨਹੀਂ। ਨਾਲ ਹੀ ਉਸ ਨੂੰ ਇਹ ਵੀ ਦੱਸਣਾ ਪਵੇਗਾ ਕਿ ਉਸ ਨੇ ਆਪਣਾ ਕਮਰਾ ਕਿਉਂ ਅਤੇ ਕਿਸ ਦੇ ਨਿਰਦੇਸ਼ਾਂ ’ਤੇ ਛੱਡਿਆ। ਇਹ ਵੀ ਇੱਕ ਤਰ੍ਹਾਂ ਨਾਲ ਅਪਰਾਧ ਵਿੱਚ ਸ਼ਾਮਲ ਹੋਣਾ ਹੈ।’ -ਪੀਟੀਆਈ
ਭਾਜਪਾ ਨੇ ਮਮਤਾ ਬੈਨਰਜੀ ਕੋਲੋਂ ਅਸਤੀਫਾ ਮੰਗਿਆ
ਨਵੀਂ ਦਿੱਲੀ:B ਕੋਲਕਾਤਾ ਦੇ ਲਾਅ ਕਾਲਜ ਦੀ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰ-ਜਨਾਹ ਦੇ ਸਾਰੇ ਮੁਲਜ਼ਮਾਂ ਦੇ ਤ੍ਰਿਣਮੂਲ ਕਾਂਗਰਸ ਨਾਲ ਜੁੜੇ ਹੋਣ ਦਾ ਦੋਸ਼ ਲਾਉਂਦਿਆਂ ਭਾਜਪਾ ਨੇ ਅੱਜ ਕਿਹਾ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਸ ਘਟਨਾ ਲਈ ਮੁਆਫੀ ਮੰਗ ਕੇ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਦੌਰਾਨ ਭਾਜਪਾ ਕਾਰਕੁਨਾਂ ਨੇ ਪ੍ਰਦਰਸ਼ਨ ਵੀ ਕੀਤਾ। ਭਾਜਪਾ ਦੇ ਤਰਜਮਾਨ ਸੰਬਿਤ ਪਾਤਰਾ ਨੇ ਕਿਹਾ ਕਿ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ, ਜੋ ਮਾਮਲੇ ਦੀ ਜਾਂਚ ਕਰਨ ਅਤੇ ਆਪਣੇ ਨਤੀਜੇ ਪੇਸ਼ ਕਰਨ ਲਈ ਸੂਬੇ ਦਾ ਦੌਰਾ ਕਰੇਗੀ। ਉਨ੍ਹਾਂ ਕਿਹਾ ਕਿ ਔਰਤ ਮੁੱਖ ਮੰਤਰੀ ਵਾਲੇ ਸੂਬੇ ਵਿੱਚ ਲੋਕ ਔਰਤਾਂ ਪ੍ਰਤੀ ਵਧੇਰੇ ਸੰਵੇਦਨਸ਼ੀਲਤਾ ਦੀ ਉਮੀਦ ਕਰਦੇ ਸਨ, ਪਰ ਹੋ ਉਮੀਦ ਤੋਂ ਉਲਟ ਰਿਹਾ ਹੈ। -ਪੀਟੀਆਈ