ਜਸਵੰਤ ਜੱਸ
ਫ਼ਰੀਦਕੋਟ, 29 ਜੁਲਾਈ
ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਇੱਥੇ ਟੀਮ ਦੇ ਕੈਂਪ ਦਫ਼ਤਰ ਵਿੱਚ ਪੰਜਾਬ ਪੁਲੀਸ ਦੇ ਪੰਜ ਅਧਿਕਾਰੀਆਂ ਕੋਲੋਂ ਪੁੱਛ ਪੜਤਾਲ ਕੀਤੀ। ਸੂਚਨਾ ਅਨੁਸਾਰ ਜਾਂਚ ਟੀਮ ਨੇ ਇੰਸਪੈਕਟਰ ਜਤਿੰਦਰ ਸਿੰਘ, ਗੁਰਵਿੰਦਰ ਸਿੰਘ, ਅਭਿਨਵ, ਅਸ਼ੋਕ ਕੁਮਾਰ ਅਤੇ ਪ੍ਰਗਟ ਸਿੰਘ ਤੋਂ ਪੁੱਛ-ਪੜਤਾਲ ਕੀਤੀ। ਜਾਂਚ ਟੀਮ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਦੇ ਬਿਆਨ ਵੀ ਕਲਮਬੰਦ ਕੀਤੇ। ਇੱਕ ਦਿਨ ਪਹਿਲਾਂ ਜਾਂਚ ਟੀਮ ਨੇ 9 ਉੱਚ ਪੁਲੀਸ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਸੀ। ਇਸੇ ਦੌਰਾਨ ਪਤਾ ਲੱਗਾ ਹੈ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਨਾਰਕੋ ਟੈਸਟ ਹੋਵੇਗਾ ਤੇ ਇਹ ਟੈਸਟ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਵਿੱਚ ਹੋਵੇਗਾ।
ਪ੍ਰੇਮੀਆਂ ਦੀ ਨਹੀਂ ਹੋਈ ਰਿਹਾਈ
ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ਵਿੱਚ ਖਿਲਾਰਨ ਅਤੇ ਉਸ ਤੋਂ ਬਾਅਦ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਡੇਰਾ ਪ੍ਰੇਮੀਆਂ ਨੂੰ ਭਾਵੇਂ ਇਲਾਕਾ ਮੈਜਿਸਟਰੇਟ ਨੇ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ ਪਰ ਜ਼ਮਾਨਤ ਰਾਸ਼ੀ ਜਮ੍ਹਾਂ ਨਾ ਕਰਵਾਏ ਜਾਣ ਕਾਰਨ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ।