ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 4 ਅਗਸਤ
ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਇੱਥੇ ਪੰਜਾਬ ਪੁਲੀਸ ਦੇ ਪੰਜ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ। ਸੂਤਰਾਂ ਅਨੁਸਾਰ ਜਾਂਚ ਟੀਮ ਨੇ ਐੱਸ.ਪੀ. ਬਲਜੀਤ ਸਿੰਘ ਸਿੱਧੂ, ਐੱਸ.ਪੀ. ਬਲਬੀਰ ਸਿੰਘ, ਡੀ.ਐੱਸ.ਪੀ ਗੁਰਜੀਤ ਸਿੰਘ ਰੋਮਾਣਾ, ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਅਤੇ ਸਬ-ਇੰਸਪੈਕਟਰ ਕ੍ਰਿਸ਼ਨ ਲਾਲ ਤੋਂ ਕੋਟਕਪੂਰਾ ਗੋਲੀ ਕਾਂਡ ਬਾਰੇ ਪੁੱਛ ਪੜਤਾਲ ਕੀਤੀ। ਇਸ ਤੋਂ ਪਹਿਲਾਂ ਸਾਬਕਾ ਡੀ.ਜੀ.ਪੀ ਸਮੇਤ 40 ਹੋਰ ਪੁਲੀਸ ਅਧਿਕਾਰੀਆਂ ਤੋਂ ਪੁੱਛਗਿੱਛ ਹੋ ਚੁੱਕੀ ਹੈ। ਇਸੇ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਤਿੰਨ ਘਟਨਾਵਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਪ੍ਰਦੀਪ ਸਿੰਘ, ਰਣਦੀਪ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਜ਼ਮਾਨਤ ਮਿਲਣ ਮਗਰੋਂ ਮਾਨਸਾ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ।