ਨਵੀਂ ਦਿੱਲੀ, 25 ਦਸੰਬਰ
ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਵਾਜਪਾਈ ਨੇ ਆਪਣਾ ਸਾਰਾ ਜੀਵਨ ਭਾਰਤ ਨੂੰ ਮਜ਼ਬੂਤ ਅਤੇ ਵਿਕਸਤ ਬਣਾਉਣ ਲਈ ਸਮਰਪਿਤ ਕਰ ਦਿੱਤਾ। ਆਗੂਆਂ ਨੇ ਸ੍ਰੀ ਵਾਜਪਾਈ ਦੀ ਯਾਦਗਾਰੀ ‘ਸਦੈਵ ਅਟਲ’ ਉੱਤੇ ਫੁੱਲ ਚੜ੍ਹਾਉਂਦਿਆਂ ਉਨ੍ਹਾਂ ਨੂੰ ਨਮਨ ਕੀਤਾ।
ਸ੍ਰੀ ਮੋਦੀ ਨੇ ਵਾਜਪਾਈ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਉਨ੍ਹਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੇ ਲੱਖਾਂ ਭਾਰਤੀਆਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ।’’ ਇਸੇ ਤਰ੍ਹਾਂ ਸ੍ਰੀ ਮੋਦੀ ਨੇ ਆਜ਼ਾਦੀ ਘੁਲਾਟੀਏ ਪੰਡਤ ਮਦਨ ਮੋਹਨ ਮਾਲਵੀਆ ਦੀ ਜੈਅੰਤੀ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਇਕ ਮਹਾਨ ਸਿੱਖਿਆ ਸ਼ਾਸਤਰੀ ਤੇ ਸਮਾਜ ਸੁਧਾਰਕ ਦੱਸਿਆ।
ਇਸੇ ਦੌਰਾਨ ਉਪ ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਸ਼ਿਵ ਸੈਨਾ ਦੇ ਆਗੂ ਸੰਜੈ ਰਾਊਤ ਤੇ ਹੋਰ ਆਗੂਆਂ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਨੂੰ ਯਾਦ ਕੀਤਾ।
ਇਸੇ ਦੌਰਾਨ ਭਾਜਪਾ ਨੇ ਵਿਸ਼ੇਸ਼ ਦਾਨ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਦਾ ਟੀਚਾ ਆਪਣੇ ਮੈਂਬਰਾਂ ਤੇ ਹੋਰ ਲੋਕਾਂ ਦੇ ਛੋਟੇ-ਛੋਟੇ ਯੋਗਦਾਨ ਨਾਲ ਧਨ ਇਕੱਠਾ ਕਰਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਸਣੇ ਪਾਰਟੀ ਦੇ ਕਈ ਹੋਰ ਆਗੂਆਂ ਨੇ ਇਸ ਮੁਹਿੰਮ ਤਹਿਤ ਦਾਨ ਦਿੱਤਾ ਅਤੇ ਸਾਰਿਆਂ ਨੂੰ ਇਸ ਵਿਚ ਯੋਗਦਾਨ ਕਰਨ ਦੀ ਅਪੀਲ ਕੀਤੀ। ਮੋਦੀ ਨੇ ਇਕ ਟਵੀਟ ਵਿਚ ਕਿਹਾ, ‘‘ਮੈਂ ਭਾਜਪਾ ਦੇ ਖ਼ਜ਼ਾਨੇ ਲਹੀ ਇਕ ਹਜ਼ਾਰ ਰੁਪਏ ਦਾਨ ਦਿੱਤੇ ਹਨ। ਭਾਜਪਾ ਨੂੰ ਮਜ਼ਬੂਤ ਬਣਾਉਣ ਵਿਚ ਯੋਗਦਾਨ ਦਿਓ।’’ -ਪੀਟੀਆਈ