ਨਵੀਂ ਦਿੱਲੀ, 19 ਫਰਵਰੀ
ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਕੁਮਾਰ ਵਿਸ਼ਵਾਸ ਨੇ ਲੰਘੇ ਦਿਨੀਂ ਇਕ ਬਿਆਨ ਰਾਹੀਂ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਕਥਿਤ ਖ਼ਾਲਿਸਤਾਨੀ ਸਮਰਥਕਾਂ ਨਾਲ ਸਬੰਧਾਂ ਦਾ ਦੋਸ਼ ਲਾਇਆ ਸੀ। ਕੇਂਦਰ ਸਰਕਾਰ ਨੇ ਕੇਜਰੀਵਾਲ ਉਤੇ ਲਾਏ ਇਨ੍ਹਾਂ ਦੋਸ਼ਾਂ ਦੇ ਮੱਦੇਨਜ਼ਰ ਵਿਸ਼ਵਾਸ ਦੀ ਜਾਨ ਨੂੰ ਦਰਪੇਸ਼ ਖ਼ਤਰੇ ਸਬੰਧੀ ਮਿਲੀ ਖੁਫੀਆ ਰਿਪੋਰਟਾਂ ਦੇ ਆਧਾਰ ਉੱਤੇ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸ਼੍ਰੇਣੀ ਦੀ ਸੁਰੱਖਿਆ ਤਹਿਤ ਸੀਆਰਪੀਐੱਫ ਦੇ ਚਾਰ ਜਵਾਨ 24 ਘੰਟੇ ਉਨ੍ਹਾਂ ਨਾਲ ਰਹਿਣਗੇ। -ਪੀਟੀਆਈ