ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਪੰਜਾਬ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਖ਼ਿਲਾਫ਼ ਅਤੇ ਮੰਗਾਂ ਮਨਵਾਉਣ ਲਈ ਸੰਘਰਸ਼ ਦਾ ਐਲਾਨ ਕੀਤਾ ਹੈ। ਸਾਂਝੇ ਮੋਰਚੇ ਦੇ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਦੱਸਿਆ ਕਿ ਪੰਜਾਬ ਖੇਤ ਮਜ਼ਦੂਰ ਸਭਾ ਦੇ ਲੁਧਿਆਣਾ ਸਥਿਤ ਦਫ਼ਤਰ ਵਿਖੇ ਗੁਲਜ਼ਾਰ ਗੋਰੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ’ਚ ਜਥੇਬੰਦੀਆਂ ਨੇ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਦੀ ਨਿਖੇਧੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਲਈ 5-6 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਲਾਉਣ ਤੋਂ ਬਾਅਦ, ਮਾਰਚ ਦੇ ਪਹਿਲੇ ਹਫ਼ਤੇ ਚੰਡੀਗੜ੍ਹ ’ਚ ਮਜ਼ਦੂਰ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦੇ ਸੂਬਾਈ ਆਗੂ ਦੇਵੀ ਕੁਮਾਰੀ ਸਰਹਾਲੀ ਕਲਾਂ, ਸੂਬਾ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ, ਲਛਮਣ ਸਿੰਘ ਸੇਵੇਵਾਲਾ, ਸੂਬਾ ਸਕੱਤਰ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਰਸ਼ਨ ਨਾਹਰ, ਸੂਬਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ, ਤਰਸੇਮ ਪੀਟਰ, ਸੂਬਾ ਪ੍ਰਧਾਨ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਗੁਰਮੇਸ਼ ਸਿੰਘ ਸੂਬਾ ਸਕੱਤਰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕੁਲਵੰਤ ਸਿੰਘ ਸੇਲਬਰਾਹ ਸੂਬਾ ਪ੍ਰਧਾਨ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਵਿਜੇ ਸੋਹਲ ਸੂਬਾ ਸਕੱਤਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਮੀਟਿੰਗ ’ਚ ਸ਼ਮੂਲੀਅਤ ਕੀਤੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਧਰਨੇ ਮੁਜ਼ਾਹਰੇ ਅਤੇ ਅਨੇਕਾਂ ਵਾਰ ਮੰਗ ਪੱਤਰ ਦੇਣ ਤੋਂ ਬਾਅਦ ਵੀ ਮੌਜੂਦਾ ਸਰਕਾਰ ਮਜ਼ਦੂਰਾਂ ਵੱਲ ਪਿੱਠ ਕਰਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਹੋਰਨਾਂ ਤਬਕਿਆਂ ਦੇ ਨਾਲ ਨਾਲ ਬੇਜ਼ਮੀਨੇ ਮਜ਼ਦੂਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ ਪਰ ਸਰਕਾਰ ਨੇ ਫੋਕੇ ਲਾਰਿਆਂ ਤੋਂ ਬਿਨਾਂ ਉਨ੍ਹਾਂ ਦੇ ਪੱਲੇ ਕੁਝ ਵੀ ਨਹੀਂ ਪਾਇਆ ਹੈ। ਮਨਰੇਗਾ ਸਕੀਮ ਠੱਪ ਪਈ ਹੈ ਤੇ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਰੈਲੀਆਂ ਕਰਕੇ ਵੱਡੇ ਪੱਧਰ ’ਤੇ ਚੇਤਨਾ ਮੁਹਿੰਮ ਚਲਾ ਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 22 ਅਤੇ 23 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਸੂਬੇ ’ਚ ਮੁਹਿੰਮ ਭਖਾ ਦਿੱਤੀ ਜਾਵੇਗੀ। ਇਕ ਮਤੇ ਰਾਹੀਂ ਮਜ਼ਦੂਰ ਮੋਰਚੇ ਨੇ ਦਿੱਲੀ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੱਖੇ ਧਰਨੇ ਦੀ ਹਮਾਇਤ ਦਾ ਵੀ ਐਲਾਨ ਕੀਤਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

