ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੱਦਾਖ ਹਿੰਸਾ: ਵਾਂਗਚੁਕ ਦੀ ਰਿਹਾਈ ਲਈ ਪਤਨੀ ਸੁਪਰੀਮ ਕੋਰਟ ਪੁੱਜੀ

ਪਟੀਸ਼ਨ ਦਾਇਰ ਕਰਕੇ ਵਾਤਾਵਰਨ ਕਾਰਕੁਨ ਖ਼ਿਲਾਫ਼ ਅੈੱਨ ਅੈੱਸ ਏ ਲਾਉਣ ’ਤੇ ਸਵਾਲ ਚੁੱਕੇ
GITANJLI ANGMO
Advertisement

ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਦੀ ਪਤਨੀ ਗੀਤਾਂਜਲੀ ਜੇ ਐਂਗਮੋ ਨੇ ਰਾਸ਼ਟਰੀ ਸੁਰੱਖਿਆ ਐਕਟ (ਐੱਨ ਐੱਸ ਏ) ਤਹਿਤ ਆਪਣੇ ਪਤੀ ਦੀ ਹਿਰਾਸਤ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਲੱਦਾਖ ਨੂੰ ਰਾਜ ਦਾ ਦਰਜਾ ਅਤੇ ਛੇਵੀਂ ਅਨੁਸੂਚੀ ਤਹਿਤ ਸੁਰੱਖਿਆ ਦੇਣ ਦੀ ਮੰਗ ਸਬੰਧੀ ਹੋਏ ਪ੍ਰਦਰਸ਼ਨਾਂ ਤੋਂ ਦੋ ਦਿਨ ਬਾਅਦ ਵਾਂਗਚੁਕ ਨੂੰ 26 ਸਤੰਬਰ ਨੂੰ ਐੱਨ ਐੱਸ ਏ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਹ ਇਸ ਵੇਲੇ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਬੰਦ ਹੈ। ਸੀਨੀਅਰ ਵਕੀਲ ਵਿਵੇਕ ਤਨਖਾ ਅਤੇ ਸਰਵਮ ਰਿਤਮ ਖਰੇ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਉਨ੍ਹਾਂ ਵਾਂਗਚੁਕ ਖ਼ਿਲਾਫ਼ ਐੱਨ ਐੱਸ ਏ ਲਾਉਣ ’ਤੇ ਵੀ ਸਵਾਲ ਚੁੱਕੇ। ਆਪਣੀ ‘ਹੇਬੀਅਸ ਕਾਰਪਸ’ (ਬੰਦੀ ਨੂੰ ਪੇਸ਼ ਕਰੋ) ਪਟੀਸ਼ਨ ਵਿੱਚ ਐਂਗਮੋ ਨੇ ਇਸ ’ਤੇ ਤੁਰੰਤ ਸੁਣਵਾਈ ਕਰਨ ਅਤੇ ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਨੂੰ ‘ਸੋਨਮ ਵਾਂਗਚੁੱਕ ਨੂੰ ਅਦਾਲਤ ਸਾਹਮਣੇ ਤੁਰੰਤ ਪੇਸ਼ ਕਰਨ’ ਦਾ ਹੁਕਮ ਦੇਣ ਦੀ ਅਪੀਲ ਕੀਤੀ ਹੈ। ਪਟੀਸ਼ਨ ਵਿੱਚ ਹਿਰਾਸਤ ਵਿੱਚ ਲਏ ਗਏ ਵਾਂਗਚੁੱਕ ਨਾਲ ਤੁਰੰਤ ਸੰਪਰਕ ਕਰਨ ਦੀ ਇਜਾਜ਼ਤ ਦੇਣ ਅਤੇ ਨਜ਼ਰਬੰਦੀ ਦੇ ਹੁਕਮ ਰੱਦ ਕਰਨ ਦੀ ਵੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ, ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ, ਲੇਹ ਦੇ ਡਿਪਟੀ ਕਮਿਸ਼ਨਰ ਅਤੇ ਜੋਧਪੁਰ ਜੇਲ੍ਹ ਸੁਪਰਡੈਂਟ ਨੂੰ ਧਿਰ ਬਣਾਇਆ ਗਿਆ ਹੈ। -ਪੀਟੀਆਈ

ਲੱਦਾਖ ਦਾ ਮਾਹੌਲ ਖ਼ਰਾਬ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ: ਉਪ ਰਾਜਪਾਲ

ਜੰਮੂ: ਲੱਦਾਖ ਦੇ ਉਪ ਰਾਜਪਾਲ ਕਵਿੰਦਰ ਗੁਪਤਾ ਨੇ ਕਿਹਾ ਹੈ ਕਿ ਪਾਕਿਸਤਾਨ ਅਤੇ ਚੀਨ ਨਾਲ ਘਿਰਿਆ ਹੋਣ ਕਾਰਨ ਲੱਦਾਖ ਹਿੰਸਾ ਬਰਦਾਸ਼ਤ ਨਹੀਂ ਕਰ ਸਕਦਾ ਪਰ ਕੁਝ ਲੋਕ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ

Advertisement

ਕਿ 24 ਸਤੰਬਰ ਨੂੰ ਲੇਹ ਵਿੱਚ ਹੋਈ ਹਿੰਸਾ ਦੀ ਮੈਜਿਸਟ੍ਰੇਟੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹਿੰਸਾ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਉਨ੍ਹਾਂ ਨੇ ਇਲਾਕੇ ਵਿੱਚ ਤੇਜ਼ੀ ਨਾਲ ਸੁਧਰ ਰਹੇ ਹਾਲਾਤ ’ਤੇ ਵੀ ਸੰਤੁਸ਼ਟੀ ਪ੍ਰਗਟਾਈ। ਗੁਪਤਾ ਨੇ ਕਿਹਾ, ‘ਹਾਲਾਤ ਤਕਰੀਬਨ ਆਮ ਵਾਂਗ ਹਨ, ਸਾਰੀਆਂ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਖੁੱਲ੍ਹੇ ਹਨ ਅਤੇ ਦਫ਼ਤਰਾਂ ਵਿੱਚ ਕੰਮਕਾਜ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਅੱਠਵੀਂ ਜਮਾਤ ਤੱਕ ਦੇ ਸਕੂਲ ਵੀ ਅੱਜ ਖੁੱਲ੍ਹ ਗਏ ਹਨ ਅਤੇ ਵਪਾਰਕ ਵਾਹਨ ਚੱਲ ਰਹੇ ਹਨ। ਕੁੱਲ ਮਿਲਾ ਕੇ ਸਥਿਤੀ ਵਾਂਗ ਆਮ ਹੈ।’ ਹਾਲਾਂਕਿ ਉਨ੍ਹਾਂ ਕਿਹਾ ਕਿ ਕੁਝ ਲੋਕ ਡੀਪਫੇਕ ਵੀਡੀਓਜ਼ ਵਾਇਰਲ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਖ਼ਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਉਪ ਰਾਜਪਾਲ ਕਵਿੰਦਰ ਗੁਪਤਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵੀ ਕੀਤੀ।

Advertisement
Show comments