Lakhimpur kheri case: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਸਬੰਧੀ ਦੋਸ਼ਾਂ ਬਾਰੇ ਯੂਪੀ ਪੁਲੀਸ ਕੋਲੋਂ ਰਿਪੋਰਟ ਮੰਗੀ
ਨਵੀਂ ਦਿੱਲੀ, 20 ਜਨਵਰੀ
ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉੱਤੇ 2021 ਲਖੀਮਪੁਰ ਖੀਰੀ ਹਿੰਸਾ ਦੇ ਗਵਾਹਾਂ ਨੂੰ ਅਸਰਅੰਦਾਜ਼ ਕਰਨ ਦੇ ਲੱਗੇ ਦੋਸ਼ਾਂ ਸਬੰਧੀ ਉੱਤਰ ਪ੍ਰਦੇਸ਼ ਪੁਲੀਸ ਕੋਲੋਂ ਰਿਪੋਰਟ ਮੰਗੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟਿਸ਼ਵਰ ਸਿੰਘ ਦੇ ਬੈਂਚ ਨੇ ਲਖੀਮਪੁਰ ਖੀਰੀ ਦੇ ਐੱਸਪੀ ਨੂੰ ਜਾਂਚ ਮਗਰੋਂ ਰਿਪੋਰਟ ਅਦਾਲਤ ਵਿੱਚ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਬੈਂਚ ਨੇ ਕਿਹਾ, ‘‘ਸਾਡੇ ਵਿਚਾਰ ਅਨੁਸਾਰ ਅਜਿਹੀ ਸਮੱਗਰੀ ਦੀ ਸੱਚਾਈ ਅਤੇ ਭਰੋਸੇਯੋਗਤਾ ਸਿਰਫ ਪੁਲੀਸ ਪ੍ਰਸ਼ਾਸਨ ਵੱਲੋਂ ਹੀ ਘੋਖੀ ਜਾ ਸਕਦੀ ਹੈ। ਪੁਲੀਸ ਪ੍ਰਸ਼ਾਸਨ ਜ਼ਮਾਨਤ ਰੱਦ ਕੀਤੇ ਜਾਣ ਦੀ ਮੰਗ ਵਾਲੀ ਪਟੀਸ਼ਨ ਵਿੱਚ ਲਗਾਏ ਗਏ ਦੋਸ਼ਾਂ ਦੀ ਹਮਾਇਤ ਜਾਂ ਵਿਰੋਧ ’ਚ ਰਿਪੋਰਟ ਪੇਸ਼ ਕਰ ਸਕਦਾ ਹੈ।’’ ਮਿਸ਼ਰਾ ਨੇ ਹਾਲਾਂਕਿ ਦਾਖ਼ਲ ਹਲਫ਼ਨਾਮੇ ਵਿੱਚ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਵੀ ਮਾਮਲਾ ਅਦਾਲਤ ਮੂਹਰੇ ਸੂਚੀਬੱਧ ਹੁੰਦਾ ਹੈ ਤਾਂ ਸਿਖ਼ਰਲੀ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਲਈ ਇਸ ਤਰ੍ਹਾਂ ਦੇ ਦਾਅਵੇ ਕੀਤੇ ਜਾਂਦੇ ਹਨ।
ਸ਼ਿਕਾਇਤਕਰਤਾ ਵੱਲੋਂ ਪੇਸ਼ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਇਸ ਮਾਮਲੇ ਦੇ ਅਹਿਮ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਾਲੀ ‘ਆਡੀਓ ਰਿਕਾਰਡਿੰਗ’ ਮੌਜੂਦ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਿਸ਼ਰਾ ਨੇ ਜ਼ਮਾਨਤ ਸ਼ਰਤਾਂ ਦੀ ਉਲੰਘਣਾ ਕਰਦੇ ਹੋਏ ਇਕ ਜਨ ਸਭਾ ਵਿੱਚ ਹਿੱਸਾ ਲਿਆ ਸੀ। ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਅਪੀਲ ਕਰਦੇ ਹੋਏ ਭੂਸ਼ਣ ਨੇ ਕਿਹਾ ਕਿ ਅਦਾਲਤ ਉਸ ਦੇ ਮੂਹਰੇ ਪੇਸ਼ ਕੀਤੀ ਗਈ ਸਮੱਗਰੀ ਦੀ ਪ੍ਰਮਾਣਿਕਤਾ ਦੀ ਜਾਂਚ ਕਰ ਸਕਦੀ ਹੈ। -ਪੀਟੀਆਈ