ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ 2021 ਦੇ ਲਖੀਮਪੁਰ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ 20 ਅਕਤੂਬਰ ਨੂੰ ਆਪਣੇ ਪਰਿਵਾਰ ਨਾਲ ਦੀਵਾਲੀ ਮਨਾਉਣ ਲਈ ਘਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਕਿਹਾ ਕਿ ਉਸ ’ਤੇ ਪਹਿਲਾਂ ਦੀਆਂ ਸ਼ਰਤਾਂ ਲਾਗੂ ਰਹਿਣਗੀਆਂ ਅਤੇ ਉਹ ਸਿਆਸੀ ਵਰਕਰਾਂ ਜਾਂ ਆਮ ਲੋਕਾਂ ਨਾਲ ਜੁੜੇ ਕਿਸੇ ਵੀ ਪ੍ਰੋਗਰਾਮ ’ਚ ਸ਼ਾਮਲ ਨਹੀਂ ਹੋਵੇਗਾ। ਸਿਖਰਲੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਦੇ ਸਬੰਧ ’ਚ ਕਿਹਾ ਕਿ 23 ਗਵਾਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ ਜਦਕਿ 9 ਗਵਾਹਾਂ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਪੁਲੀਸ ਨੂੰ ਮਾਮਲੇ ਦੀ ਜਾਂਚ ਰਿਪੋਰਟ ਰਿਕਾਰਡ ’ਚ ਰੱਖਣ ਦੇ ਨਿਰਦੇਸ਼ ਦਿੱਤੇ। ਆਸ਼ੀਸ਼ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਦੀਵਾਲੀ ਲਈ ਆਪਣੇ ਮੁਵੱਕਿਲ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਦਿੱਤੇ ਜਾਣ ਦੀ ਅਪੀਲ ਕੀਤੀ ਅਤੇ ਵਾਅਦਾ ਕੀਤਾ ਕਿ ਉਹ 22 ਅਕਤੂਬਰ ਤੱਕ ਪਰਤ ਆਵੇਗਾ। ਸਿਖਰਲੀ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਮਾਮਲੇ ਦੀ ਸੁਣਵਾਈ ਬਕਾਇਆ ਰਹਿਣ ਤੱਕ ਲਖੀਮਪੁਰ ਤੋਂ ਬਾਹਰ ਰਹਿਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ 24 ਮਾਰਚ ਨੂੰ ਵੀ ਆਸ਼ੀਸ਼ ਮਿਸ਼ਰਾ ਨੂੰ ਰਾਮਨੌਮੀ ਮੌਕੇ ਲਖੀਮਪੁਰ ਖੀਰੀ ’ਚ ਆਪਣੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਸੀ। ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ’ਚ 3 ਅਕਤੂਬਰ, 2021 ਨੂੰ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਾ ’ਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਚਾਰ ਕਿਸਾਨਾਂ ਨੂੰ ਇਕ ਐੱਸ ਯੂ ਵੀ ਨੇ ਦਰੜ ਦਿੱਤਾ ਸੀ। ਹੇਠਲੀ ਅਦਾਲਤ ਨੇ ਦਸੰਬਰ 2023 ’ਚ ਕਿਸਾਨਾਂ ਦੀ ਮੌਤ ਦੇ ਮਾਮਲੇ ’ਚ ਆਸ਼ੀਸ਼ ਮਿਸ਼ਰਾ ਅਤੇ 12 ਹੋਰ ਖ਼ਿਲਾਫ਼ ਹੱਤਿਆ, ਅਪਰਾਧਿਕ ਸਾਜ਼ਿਸ਼ ਅਤੇ ਹੋਰ ਕਾਨੂੰਨਾਂ ਤਹਿਤ ਦੋਸ਼ ਤੈਅ ਕੀਤੇ ਸਨ।
+
Advertisement
Advertisement
Advertisement
×