ਲਖਨਊ, 26 ਜੁਲਾਈ
ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਦੀ ਜ਼ਮਾਨਤ ਦੀ ਅਰਜ਼ੀ ਅਲਾਹਾਬਾਦ ਹਾਈ ਕੋਰਟ ਨੇ ਅੱਜ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਰਿਕਾਰਡ ‘ਤੇ ਮੌਜੂਦ ਤੱਥਾਂ ਦੇ ਮੱਦੇਨਜ਼ਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ‘ਤੇ ਰਿਹਾਅ ਨਹੀਂ ਕੀਤਾ ਜਾ ਸਕਦਾ। ਇਹ ਫੈਸਲਾ ਜਸਟਿਸ ਕ੍ਰਿਸ਼ਨਾ ਪਹਿਲ ਦੇ ਸਿੰਗਲ ਬੈਂਚ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਸੁਣਾਇਆ। ਜਸਟਿਸ ਕ੍ਰਿਸ਼ਨਾ ਬੈਂਚ ਨੇ ਸੁਣਵਾਈ ਪੂਰੀ ਕਰਨ ਤੋਂ ਬਾਅਦ 15 ਜੁਲਾਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 10 ਫਰਵਰੀ 2022 ਨੂੰ ਆਸ਼ੀਸ਼ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਬਾਅਦ ਵਿੱਚ ਸੁਪਰੀਮ ਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਅਤੇ ਹਾਈ ਕੋਰਟ ਨੂੰ ਪੀੜਤ ਪੱਖ ਨੂੰ ਢੁਕਵਾਂ ਮੌਕਾ ਦੇਣ ਤੋਂ ਬਾਅਦ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਅਨੁਸਾਰ ਹਾਈ ਕੋਰਟ ਨੇ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਮੁੜ ਸੁਣਵਾਈ ਕੀਤੀ।