ਨਵੀਂ ਦਿੱਲੀ, 6 ਸਤੰਬਰ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਜਵਾਬ ਮੰਗ ਲਿਆ ਹੈ। ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਐੱਮ.ਐੱਮ.ਸੁੰਦਰੇਸ਼ ਦੀ ਅਗਵਾਈ ਵਾਲੇ ਬੈਂਚ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕੇਸ ਦੀ ਅਗਲੀ ਸੁਣਵਾਈ 26 ਸਤੰਬਰ ਲਈ ਨਿਰਧਾਰਿਤ ਕਰ ਦਿੱਤੀ। ਮਿਸ਼ਰਾ ਨੇ ਪਟੀਸ਼ਨ ਵਿੱਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਪਿਛਲੇ ਸਾਲ 3 ਅਕਤੂਬਰ ਨੂੰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਥਿਤ ਐੱਸਯੂਵੀ ਹੇਠ ਦਰੜਨ ਮਗਰੋਂ ਭੜਕੀ ਹਿੰਸਾ ਵਿੱਚ ਅੱਠ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ। ਇਨ੍ਹਾਂ ਵਿਚੋਂ ਚਾਰ ਕਿਸਾਨ, ਇਕ ਸਥਾਨਕ ਪੱਤਰਕਾਰ ਤੇ ਤਿੰਨ ਭਾਜਪਾ ਵਰਕਰ ਸਨ। ਯੂਪੀ ਪੁਲੀਸ ਵੱਲੋਂ ਦਰਜ ਐੱਫਆਈਆਰ ਮੁਤਾਬਕ ਕਿਸਾਨਾਂ ਨੂੰ ਦਰੜਨ ਵਾਲੀ ਐੱਸਯੂਵੀ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ। -ਪੀਟੀਆਈ