ਲਖਨਊ: ਅਲਾਹਾਬਾਦ ਹਾਈ ਕੋਰਟ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਵੱਲੋਂ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਦਾਇਰ ਜ਼ਮਾਨਤ ਅਰਜ਼ੀ ’ਤੇ ਅੱਜ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਤੇ ਇਕ ਸਥਾਨਕ ਪੱਤਰਕਾਰ ਨੂੰ ਵਾਹਨਾਂ ਹੇਠ ਦਰੜ ਕੇ ਮਾਰਨ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਹੈ। ਇਸ ਘਟਨਾ ਮਗਰੋਂ ਭੜਕੀ ਹਿੰਸਾ ਵਿੱਚ ਤਿੰਨ ਭਾਜਪਾ ਵਰਕਰਾਂ ਦੀ ਵੀ ਜਾਨ ਜਾਂਦੀ ਰਹੀ ਸੀ। ਕੋਰਟ ਦੇ ਲਖਨਊ ਬੈਂਚ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਦਾ ਅਮਲ ਮੁਕੰਮਲ ਕਰਨ ਮਗਰੋਂ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਜਿਰ੍ਹਾ ਦੌਰਾਨ ਮਿਸ਼ਰਾ ਦੇ ਵਕੀਲ ਨੇ ਦਾਅਵਾ ਕੀਤਾ ਸੀ ਕਿ ਉਸ ਦਾ ਮੁਵੱਕਿਲ ਬੇਕਸੂਰ ਹੈ ਕਿਉਂਕਿ ਉਸ ਖ਼ਿਲਾਫ਼ ਅਜਿਹਾ ਕੋਈ ਸਬੂਤ ਨਹੀਂ ਹੈ ਜੋ ਇਹ ਸਾਬਤ ਕਰਦਾ ਹੋਵੇ ਕਿ ਉਸ ਨੇ ਵਾਹਨ ਦੇ ਡਰਾਈਵਰ ਨੂੰ ਕਿਸਾਨਾਂ ’ਤੇ ਗੱਡੀ ਚਾੜ੍ਹਨ ਲਈ ਹੱਲਾਸ਼ੇਰੀ ਦਿੱਤੀ ਸੀ। -ਪੀਟੀਆਈ