DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੈਂਡ ਪੂਲਿੰਗ ਨੀਤੀ: ਐੱਸਕੇਐੱਮ ਵੱਲੋਂ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਸੂਬਾ ਸਰਕਾਰ 20 ਤੱਕ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੇ ਫ਼ੈਸਲੇ ਨੂੰ ਸਪੱਸ਼ਟ ਕਰੇ: ਕਿਸਾਨ ਆਗੂ;
  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਆਗੂ।
Advertisement

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਮੀਟਿੰਗ ਕਰਕੇ ਸੂਬਾ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ’ਤੇ ਚਰਚਾ ਕੀਤੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਤੇ ਬਲਦੇਵ ਸਿੰਘ ਨਿਹਾਲਗੜ੍ਹ ਦੀ ਅਗਵਾਈ ਹੇਠ ਹੋਈ ਮਗਰੋਂ ਐਲਾਨ ਕੀਤਾ ਗਿਆ ਕਿ ਐੱਸਕੇਐੱਮ ਸੂਬਾ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਕੀਤੇ ਜਾਣ ਤੱਕ ਸੰਘਰਸ਼ ਜਾਰੀ ਰੱਖੇਗਾ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਤੇ ਬਲਦੇਵ ਸਿੰਘ ਨਿਹਾਲਗੜ੍ਹ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜਬੂਰ ਕਰਨਾ ਕਿਸਾਨ ਸੰਘਰਸ਼ ਦੀ ਵੱਡੀ ਜਿੱਤ ਹੈ ਪਰ ਸਰਕਾਰ ਦੇ ਐਲਾਨ ’ਚ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ 4 ਜੂਨ ਨੂੰ ਲਿਆਂਦੀ ਗਈ ਸੀ ਪਰ ਸੂਬਾ ਸਰਕਾਰ ਵੱਲੋਂ ਲੰਘੇ ਦਿਨ ਜਾਰੀ ਕੀਤੇ ਆਦੇਸ਼ਾਂ ਵਿੱਚ 14 ਮਈ ਦੀ ਪਾਲਿਸੀ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਤੋਂ ਸਰਕਾਰ ਦੀ ਸੋਚ ’ਤੇ ਕਈ ਤਰ੍ਹਾਂ ਦਾ ਸ਼ੱਕ ਖੜ੍ਹੇ ਹੁੰਦੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ 20 ਅਗਸਤ ਤੱਕ ਦਾ ਸਮਾਂ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਬਾਰੇ ਸਥਿਤੀ ਸਪੱਸ਼ਟ ਕਰੇ ਨਹੀਂ ਤਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਮੋਰਚਾ ਦੇ ਆਗੂਆਂ ਨੇ ਇਹ ਮੰਗ ਵੀ ਕੀਤੀ ਕਿ ਜਿਵੇਂ ਸੂਬਾ ਸਰਕਾਰ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ ਤੋਂ ਬਾਅਦ ਨੀਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਸਰਕਾਰ ਉਸੇ ਤਰ੍ਹਾਂ ਹੀ ਮੰਤਰੀ ਮੰਡਲ ਦੀ ਮੀਟਿੰਗ ਸੱਦ ਕੇ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰੇ ਤੇ ਇਸ ਦਾ ਨੋਟੀਫਿਕੇਸ਼ਨ ਰੱਦ ਕਰਨ ਦਾ ਲਿਖਤੀ ਆਦੇਸ਼ ਜਾਰੀ ਕਰੇ।

Advertisement

ਰਾਜੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਲੈਂਡ ਪੂਲਿੰਗ ਨੀਤੀ ਸਣੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰ ਮੰਗਾਂ ਲਈ 24 ਅਗਸਤ ਨੂੰ ਸਮਰਾਲਾ ਵਿੱਚ ਕਿਸਾਨ ਮਹਾਰੈਲੀ ਪਹਿਲਾਂ ਦੇ ਐਲਾਨ ਮੁਤਾਬਕ ਕੀਤੀ ਜਾਵੇਗੀ ਅਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਲ 2013 ਦੀ ਨੀਤੀ ਕਿਸਾਨ ਹਿਤੈਸ਼ੀ ਸੀ ਜਿਸ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਆਗੂਆਂ ਮੁਤਾਬਕ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰ ਵੀ ਸ਼ਹਿਰੀਕਰਨ ਦੇ ਨਾਮ ’ਤੇ ਕਾਰਪੋਰੇਟ ਮਾਡਲ ਅਪਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਨੂੰ ਦਿਹਾਤੀ ਖੇਤਰ ਨੂੰ ਉਜਾੜਨ ਦੀ ਥਾਂ ਪਿੰਡਾਂ ਦਾ ਵਿਕਾਸ ਕਰਨ ਲਈ ਨੀਤੀ ਤਿਆਰ ਕਰਨੀ ਚਾਹੀਦੀ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਬੂਟਾ ਸਿੰਘ ਬੁਰਜਗਿੱਲ, ਰੁਲਦੂ ਸਿੰਘ ਮਾਨਸਾ, ਗੁਰਮੀਤ ਬਰਾੜ, ਪ੍ਰੇਮ ਸਿੰਘ ਭੰਗੂ ਵੀ ਮੌਜੂਦ ਸਨ।

ਕਿਸਾਨ ਅੱਜ ਸਾੜਨਗੇ ਮੋਦੀ ਤੇ ਟਰੰਪ ਦੇ ਪੁਤਲੇ

ਐੱਸਕੇਐੱਮ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾਣ ਵਾਲੀ ਮੁਕਤ ਵਪਾਰ ਸਮਝੌਤਿਆਂ ਦੇ ਵਿਰੋਧ ’ਚ 13 ਅਗਸਤ ਨੂੰ ਦੇਸ਼ ਭਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਸਾੜੇ ਜਾਣਗੇ। ਰਾਜੇਵਾਲ ਨੇ ਕਿਹਾ ਕਿ ਮੁਕਤ ਵਪਾਰ ਸਮਝੌਤੇ ਖੇਤੀ ਖੇਤਰ ਨੂੰ ਤਬਾਹ ਕਰਕੇ ਰੱਖ ਦੇਣਗੇ। ਇਸ ਲਈ ਕੇਂਦਰ ਨੂੰ ਇਨ੍ਹਾਂ ਸਮਝੌਤਿਆਂ ’ਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ।

ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਵੱੱਲੋਂ ਕਨਵੈਨਸ਼ਨ 5 ਨੂੰ

ਲੁਧਿਆਣਾ (ਗੁਰਿੰਦਰ ਸਿੰਘ): ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਨੇ 5 ਸਤੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿੱਚ ਇੱਕ ਕਨਵੈਨਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਵਿੱਚ ਕੇਂਦਰ ਤੇ ਰਾਜ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਤੋਂ ਇਲਾਵਾ ਹੋਰ ਮੌਜੂਦਾ ਮੰਗਾਂ ’ਤੇ ਚਰਚਾ ਕਰਦਿਆਂ ਭਵਿੱਖੀ ਐਕਸ਼ਨ ਉਲੀਕੇ ਜਾਣਗੇ। ਇਸ ਫ਼ੈਸਲਾ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਜਿਸ ’ਚ ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਸੁਖਜਿੰਦਰ ਸਿੰਘ ਖੋਸਾ, ਲਖਵਿੰਦਰ ਸਿੰਘ ਔਲਖ, ਬਚਿੱਤਰ ਸਿੰਘ ਕੋਟਲਾ ਅਤੇ ਗੁਰਸੇਵਕ ਸਿੰਘ ਧਾਲੀਵਾਲ ਨੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਰੱਖੇ। ਕਿਸਾਨ ਆਗੂਆਂ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣਾ ਪੰਜਾਬ ਦੇ ਲੋਕਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਆਖਿਆ ਕਿ ਪਹਾੜੀ ਇਲਾਕੇ ਅਤੇ ਪੰਜਾਬ ਵਿੱਚ ਬਾਰਿਸ਼ ਕਾਰਨ ਨਹਿਰਾਂ ਅਤੇ ਦਰਿਆਵਾਂ ਚ ਵਧੇ ਪਾਣੀ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਰਹੀਆਂ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਪਿਛਲੇ ਸਮੇਂ ਦੌਰਾਨ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਵਾਅਦੇ ਵੀ ਫੋਕੇ ਨਿਕਲੇ ਹਨ। ਆਗੂਆਂ ਨੇ ਅਮਰੀਕਾ ਨਾਲ ਹੋਣ ਵਾਲੇ ਕਰ ਮੁਕਤ ਵਪਾਰ ਸਮਝੌਤੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਭਾਰਤ ਪੱਖੀ ਬਿਆਨਾਂ ਬਾਰੇ ਕਿਹਾ ਕਿ ਸੰਸਦ ’ਚ ਇਸ ਗੱਲ ਤੇ ਕਾਨੂੰਨ ਲਿਆਂਦਾ ਜਾਵੇ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਖ਼ਿਲਾਫ਼ ਕਿਸੇ ਵੀ ਬਾਹਰੀ ਦੇਸ਼ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ’ਚ ਹੋ ਰਹੇ 15 ਅਗਸਤ ਨੂੰ ਹੋ ਰਹੇ ਇਕੱਠ ’ਚ ਗੈਰ ਸਿਆਸੀ ਮੋਰਚਾ ਵੀ ਸ਼ਮੂਲੀਅਤ ਕਰੇਗਾ।

Advertisement
×