ਆਤਿਸ਼ ਗੁਪਤਾ
ਚੰਡੀਗੜ੍ਹ, 6 ਜੂਨ
ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਵਿੱਚ ਭਾਜਪਾ ਖ਼ਿਲਾਫ਼ ਗੁੱਸਾ ਵਧਦਾ ਜਾ ਰਿਹਾ ਹੈ। ਹੁਣ ਹਰਿਆਣਾ ਦੇ ਕਿਸਾਨਾਂ ਨੇ ਵੀ ਦਿੱਲੀ ਵੱਲ ਵਹੀਰਾਂ ਘੱਤ ਲਈਆਂ ਹਨ ਜਿੱਥੋਂ ਰੋਜ਼ਾਨਾ ਹਜ਼ਾਰਾਂ ਕਿਸਾਨ ਅਤੇ ਖਾਪ ਪੰਚਾਇਤਾਂ ਦੇ ਆਗੂ ਦਿੱਲੀ ਲਈ ਰਵਾਨਾ ਹੋ ਰਹੇ ਹਨ। ਅੱਜ ਵੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਸੂਬੇ ਦੇ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ। ਇਹ ਕਾਫ਼ਲਾ ਅੰਬਾਲਾ ਤੋਂ ਚੱਲਿਆ ਤੇ ਪਾਣੀਪਤ ਤੋਂ ਹੁੰਦਾ ਹੋਇਆ ਦਿੱਲੀ ਪਹੁੰਚਿਆ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਜਦੋਂ ਕਿਸਾਨ ਹੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਤਾਂ ਕੇਂਦਰ ਸਰਕਾਰ ਵੱਲੋਂ ਜਬਰੀ ਕਾਨੂੰਨ ਥੋਪਣਾ ਗਲਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ 6 ਮਹੀਨਿਆਂ ਤੋਂ ਠੰਢੀਆਂ ਰਾਤਾਂ ਅਤੇ ਹੁਣ ਤਪਦੀ ਧੁੱਪ ਵਿੱਚ ਸੰਘਰਸ਼ ਕਰ ਰਿਹਾ ਹੈ ਜਿਸ ਦੌਰਾਨ 450 ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕੇਂਦਰ ਸਰਕਾਰ ਹਾਲੇ ਵੀ ਕਿਸਾਨਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ।
ਸ੍ਰੀ ਚੜੂਨੀ ਨੇ ਕਿਹਾ ਕਿ ਪਹਿਲਾਂ ਦੇਸ਼ ਵਿੱਚ ਪੰਜ ਥਾਵਾਂ ’ਤੇ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨ ਜਥੇਬੰਦੀਆਂ ਨੇ ਭਾਜਪਾ ਵਿਰੁੱਧ ਮੋਰਚਾ ਖੋਲ੍ਹਿਆ ਤਾਂ ਪੱਛਮੀ ਬੰਗਾਲ ਸਣੇ ਹੋਰਨਾਂ ਸੂਬਿਆਂ ਵਿੱਚ ਭਾਜਪਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਹੁਣ ਕਿਸਾਨ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੋਰਚਾ ਲਗਾਉਣਗੇ ਜਿਸ ਦਾ ਨਤੀਜਾ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰਿਆਂ ਦੇ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਪ੍ਰੋਗਰਾਮਾਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।
ਲੋਕਾਂ ਦੀ ਆਵਾਜ਼ ਦਬਣ ਵਾਲੀ ਨਹੀਂ: ਚੜੂਨੀ
ਸ੍ਰੀ ਚੜੂਨੀ ਨੇ ਕਿਹਾ ਕਿ ਭਾਜਪਾ ਕਿਸਾਨਾਂ ਅਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਨਾ ਚਾਹੁੰਦੀ ਹੈ, ਪਰ ਲੋਕਾਂ ਦੀ ਆਵਾਜ਼ ਦਬਣ ਵਾਲੀ ਨਹੀਂ ਹੈ। ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ’ਚ ਗੁੱਸਾ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਕੇ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੋਣਗੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।