DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਦੁਆਰਾ ਰਕਾਬਗੰਜ ਸਾਹਿਬ ’ਚ Manmohan Singh ਨਮਿਤ ਅੰਤਿਮ ਅਰਦਾਸ

ਸੋਨੀਆ, ਖੜਗੇ ਅਤੇ ਭਗਵੰਤ ਮਾਨ ਸਣੇ ਹੋਰ ਸਿਆਸੀ ਆਗੂਆਂ ਨੇ ਕੀਤੀ ਸ਼ਿਰਕਤ
  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਦੌਰਾਨ ਕਾਂਗਰਸ ਆਗੂ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਗੁਰਸ਼ਰਨ ਕੌਰ ਇੱਕ-ਦੂਜੇ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਮਾਨਸ ਰੰਜਨ ਭੂਈ
Advertisement

ਨਵੀਂ ਦਿੱਲੀ, 3 ਜਨਵਰੀ

ਇੱਥੇ ਗੁਰਦੁਆਰਾ ਰਕਾਬਗੰਜ ’ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਕੀਰਤਨ ਸਮਾਗਮ ਵਿੱਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ। 26 ਦਸੰਬਰ ਨੂੰ 92 ਸਾਲ ਦੀ ਉਮਰ ਵਿੱਚ ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਸੀ।

Advertisement

ਸਾਬਕਾ ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਦੌਰਾਨ ਕੀਰਤਨ ਕਰਦੀ ਹੋਈ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ। ਉਨ੍ਹਾਂ ਨਾਲ ਕਾਂਗਰਸ ਆਗੂ ਸੋਨੀਆ ਗਾਂਧੀ ਅਤੇ ਮਲਿਕਾਰਜੁਨ ਖੜਗੇ ਤੇ ਹੋਰ। -ਫੋਟੋ: ਪੀਟੀਆਈ

ਇਸ ਦੌਰਾਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਿਸੰਘ ਧਾਮੀ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਿਸੰਘ ਕਾਲਕਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਨੀਤੀ ਆਯੋਗ ਦੇ ਸਾਬਕਾ ਉਪ ਚੇਅਰਮੈਨ ਮੋਂਟੇਕ ਸਿੰਘ ਆਹਲੂਵਾਲੀਆ, ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼, ਤਰਜਮਾਨ ਪਵਨ ਖੇੜਾ, ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਅਤੇ ਅਜੈ ਮਾਕਨ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਭਾਜਪਾ ਆਗੂ ਪ੍ਰਨੀਤ ਕੌਰ ਤੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਮਨਮੋਹਨ ਸਿੰਘ ਦੀ ਯਾਦ ’ਚ ਉਨ੍ਹਾਂ ਦੀ ਰਿਹਾਇਸ਼ ਮੋਤੀ ਲਾਲ ਨਹਿਰੂ ਮਾਰਗ ’ਤੇ ‘ਅਖੰਡ ਪਾਠ’ ਦਾ ਭੋਗ ਪਾਇਆ ਗਿਆ। ਇਸ ਦੌਰਾਨ ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਸੋਨੀਆ ਗਾਂਧੀ, ਖੜਗੇ ਅਤੇ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅਨਸਾਰੀ ਵੀ ਹਾਜ਼ਰ ਸਨ। ਇਸ ਮੌਕੇ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਸ਼ਬਦ ਵੀ ਗਾਇਆ। -ਪੀਟੀਆਈ

ਨਵੀਂ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਗੁਰਸ਼ਰਨ ਕੌਰ ਅਤੇ ਧੀ ਡਾ. ਉਪਿੰਦਰ ਸਿੰਘ ਨਾਲ ਦੁੱਖ ਸਾਂਝਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਮਾਨਸ ਰੰਜਨ ਭੂਈ

ਮਨਮੋਹਨ ਸਿੰਘ ਨੇ ਵਿਸ਼ਵ ਵਿੱਚ ਦਸਤਾਰ ਦਾ ਮਾਣ ਵਧਾਇਆ: ਜਥੇਦਾਰ

ਅੰਮ੍ਰਿਤਸਰ (ਟਨਸ):

ਇੱਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਨੇ ਵਿਸ਼ਵ ਵਿੱਚ ਦਸਤਾਰ ਦਾ ਮਾਣ ਵਧਾਇਆ ਹੈ ਅਤੇ ਦਸਤਾਰ ਦੀ ਪਛਾਣ ਵਿੱਚ ਵਾਧਾ ਕੀਤਾ ਹੈ। ਦਿੱਲੀ ਵਿੱਚ ਅੱਜ ਡਾ. ਮਨਮੋਹਨ ਸਿੰਘ ਨਮਿਤ ਅਖੰਡ ਪਾਠ ਦੇ ਭੋਗ ਪਾਏ ਗਏ ਹਨ। ਇਸ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਡੀਓ ਸੁਨੇਹੇ ਰਾਹੀਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਆਖਿਆ ਕਿ ਉਹ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਵਰਕਰ ਵੀ ਰਹੇ ਅਤੇ ਜਥੇਬੰਦੀ ਦੀ ਸੇਵਾ ਵੀ ਕੀਤੀ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਰਹਿੰਦਿਆਂ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ। ਜਥੇਦਾਰ ਨੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਆਤਮਾ ਨੂੰ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Advertisement
×