ਜੋਗਿੰਦਰ ਸਿੰਘ ਮਾਨ
ਮਾਨਸਾ, 14 ਜੂਨ
ਪਟਿਆਲਾ ਹਾਊਸ ਕੋਰਟ ਦੀ ਪ੍ਰਵਾਨਗੀ ਮਗਰੋਂ ਪੰਜਾਬ ਪੁਲੀਸ (ਮਾਨਸਾ) ਨੇ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੁੱਛ-ਪੜਤਾਲ ਲਈ ਅੱਜ ਰਸਮੀ ਤੌਰ ’ਤੇ ਹਿਰਾਸਤ ਵਿੱਚ ਲੈ ਲਿਆ। ਮਾਨਸਾ ਪੁਲੀਸ ਸਖ਼ਤ ਸੁਰੱਖਿਆ ਪ੍ਰਬੰਧ ਤਹਿਤ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਦਿੱਲੀ ਤੋਂ ਰਵਾਨਾ ਹੋਈ। ਲਾਰੈਂਸ ਬਿਸ਼ਨੋਈ ਨੂੰ ਬੁੱਧਵਾਰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਪੁਣੇ ਪੁਲੀਸ ਵੱਲੋਂ ਮੂਸੇਵਾਲਾ ਕਤਲ ਕਾਂਡ ’ਚ ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ ਸੰਤੋਸ਼ ਯਾਦਵ ਅਤੇ ਉਸ ਦੇ ਸਾਥੀ ਨਵਨਾਥ ਸੂਰਿਆਵੰਸ਼ੀ ਤੋਂ ਪੁੱਛ-ਪੜਤਾਲ ਲਈ ਪੰਜਾਬ ਪੁਲੀਸ ਦੀ ਤਿੰਨ ਮੈਂਬਰੀ ਟੀਮ ਪੁਣੇ ਲਈ ਰਵਾਨਾ ਹੋ ਗਈ ਹੈ।