ਪਟਨਾ, 26 ਜੂਨ
ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਿਸਟ-ਲੈਨਨਿਸਟ) ਦੇ ਆਗੂਆਂ ਦੇ ਵਫ਼ਦ ਨੇ ਅੱਜ ਇੱਥੇ ਪਾਰਟੀ ਦੇ ਜਨਰਲ ਸਕੱਤਰ ਦੀਪਾਂਕਰ ਭੱਟਾਚਾਰੀਆ ਦੀ ਅਗਵਾਈ ਹੇਠ ਆਰਜੇਡੀ ਮੁਖੀ ਲਾਲੂ ਪ੍ਰਸਾਦ ਨਾਲ ਮੁਲਾਕਾਤ ਕੀਤੀ। ਪਾਰਟੀ ਵੱਲੋਂ ਜਾਰੀ ਬਿਆਨ ਮੁਤਾਬਿਕ ਆਰਜੇਡੀ ਮੁਖੀ ਨੇ 2024 ਦੀਆਂ ਸੰਸਦੀ ਚੋਣਾਂ ਦੇ ਮੱਦੇਨਜ਼ਰ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਲਈ ਸੀਪੀਆਈ (ਐਮਐਲ) ਵੱਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ। ਬਿਆਨ ਮੁਤਾਬਿਕ ਪ੍ਰਸਾਦ ਨੇ ਬਿਹਾਰ ਦੀ ‘ਮਹਾਗਠਬੰਧਨ’ ਸਰਕਾਰ ਨੂੰ ਭਾਜਪਾ ਦਾ ਮੁਕਾਬਲਾ ਕਰਨ ਲਈ ਵਿਰੋਧੀ ਏਕਤਾ ਦੀ ਮਿਸਾਲ ਕਰਾਰ ਦਿੱਤਾ ਜੋ ਲੋਕਾਂ ਨੂੰ ਧਾਰਮਿਕ ਲੀਹਾਂ ‘ਤੇ ਵੰਡ ਕੇ ‘ਦੇਸ਼ ਨੂੰ ਤੋੜਨ’ ਦੀ ਸਾਜ਼ਿਸ਼ ਰਚ ਰਹੀ ਹੈ। ਭੱਟਾਚਾਰੀਆ ਨੇ ਕਿਹਾ ਕਿ ਵਿਰੋਧੀ ਧਿਰਾਂ ਦੀ ਮੀਟਿੰਗ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਗਵਾ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਗੱਠਜੋੜ ਵੱਡਾ ਕਦਮ ਹੈ। -ਪੀਟੀਆਈ