ਨਵੀਂ ਦਿੱਲੀ, 1 ਦਸੰਬਰ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕੇਂਦਰ ਸਰਕਾਰ ਨੂੰ ਜਾਗਣ ਦਾ ਸੱਦਾ ਦਿੰਦਿਆਂ ਹੰਕਾਰ ਛੱਡਕੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਲਈ ਕਿਹਾ। ਉਨ੍ਹਾਂ ਟਵਿਟਰ ’ਤੇ ਕਿਹਾ ਕਿ ਹਰ ਵਿਅਕਤੀ ਕਿਸਾਨਾਂ ਦਾ ਕਰਜ਼ਦਾਰ ਹੈ ਅਤੇ ਇਹ ਕਰਜ਼ਾ ਕਿਸਾਨਾਂ ਨੂੰ ਨਿਆਂ ਦੇ ਕੇ ਹੀ ਚੁਕਾਇਆ ਜਾ ਸਕਦਾ ਹੈ। ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨੀ ਸੰਘਰਸ਼ ਕਾਰਨ ਮੌਜੂਦਾ ਸਮੇਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਬਣੇ ਜਮੂਦ ਨੂੰ ਤੋੜਨ ਲਈ ਮੁੱਖ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸੇ ਤਰ੍ਹਾਂ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਸੁਣਨ ਲਈ ਆਖਿਆ। ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਵੀ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕੀਤੀ। -ਪੀਟੀਆਈ