ਲੋਕ ਸਭਾ 2 ਵਜੇ ਤੱਕ ਮੁਲਤਵੀ, ਵਿਰੋਧੀ ਧਿਰ ਵੱਲੋਂ SIR ਨੂੰ ਲੈ ਕੇ ਹੰਗਾਮਾ
ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਬਿਹਾਰ ਵਿਚ ਜਾਰੀ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਦੇ ਮੁੱਦੇ ’ਤੇ ਮੰਗਲਵਾਰ ਨੂੰ ਵੀ ਲੋਕ ਸਭਾ ਵਿਚ ਹੰਗਾਮਾ ਕੀਤਾ, ਜਿਸ ਕਰਕੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ 25 ਮਿੰਟਾਂ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਸਦਨ ਦੀ ਕਾਰਵਾਈ ਸ਼ੁਰੂ ਹੋਣ ’ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਤਿੰਨ ਸਾਬਕਾ ਮੈਂਬਰਾਂ ਸ਼ਿਬੂ ਸੋਰੇਨ, ਤਿਲਕਧਾਰੀ ਪ੍ਰਸਾਦ ਸਿੰਘ ਅਤੇ ਰਾਮਰਤੀ ਬਿੰਦ ਦੇ ਦੇਹਾਂਤ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਿਆਸੀ ਜੀਵਨ ਬਾਰੇ ਸੰਖੇਪ ਵੇਰਵਾ ਦਿੱਤਾ। ਇਸ ਤੋਂ ਬਾਅਦ ਸਦਨ ਨੇ ਕੁਝ ਪਲਾਂ ਲਈ ਮੌਨ ਰੱਖ ਕੇ ਤਿੰਨਾਂ ਮ੍ਰਿਤਕ ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜਿਵੇਂ ਹੀ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕੀਤਾ, ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ SIR ਦੇ ਮੁੱਦੇ ’ਤੇ ਚਰਚਾ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਹੰਗਾਮੇ ਵਿਚਕਾਰ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕੁਝ ਮੈਂਬਰਾਂ ਦੇ ਪੂਰਕ ਸਵਾਲਾਂ ਦੇ ਜਵਾਬ ਦਿੱਤੇ। ਲੋਕ ਸਭਾ ਸਪੀਕਰ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਲਈ ਆਖਦਿਆਂ ਕਿਹਾ, ‘‘ਤੁਸੀਂ ਸੰਸਦ ਦੀ ਮਰਿਆਦਾ ਅਤੇ ਮਾਣ ਨੂੰ ਘਟਾ ਰਹੇ ਹੋ। ਤੁਹਾਡਾ ਆਚਰਣ ਸੰਸਦੀ ਮਰਿਆਦਾ ਅਨੁਸਾਰ ਨਹੀਂ ਹੈ।’’
ਜਦੋਂ ਹੰਗਾਮਾ ਨਾ ਰੁਕਿਆ ਤਾਂ ਉਨ੍ਹਾਂ ਨੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ। ਸੰਸਦ ਦਾ ਮੌਨਸੂਨ ਸੈਸ਼ਨ 21 ਜੁਲਾਈ ਨੂੰ ਸ਼ੁਰੂ ਹੋਇਆ ਸੀ ਅਤੇ ਹੁਣ ਤੱਕ ਹੇਠਲੇ ਸਦਨ ਵਿੱਚ ਪ੍ਰਸ਼ਨ ਕਾਲ ਸਿਰਫ਼ ਦੋ ਦਿਨ (29 ਅਤੇ 30 ਜੁਲਾਈ ਨੂੰ) ਹੀ ਹੋਇਆ ਹੈ।