ਨਵੀਂ ਦਿੱਲੀ: ਬੰਬੇ ਹਾਈ ਕੋਰਟ ਵੱਲੋਂ ਭ੍ਰਿਸ਼ਟਾਚਾਰ ਤੇ ਦੁਰਾਚਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਹੁਕਮ ਖ਼ਿਲਾਫ਼ ਮਹਾਰਾਸ਼ਟਰ ਸਰਕਾਰ ਤੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਸੁਪਰੀਮ ਕੋਰਟ ਚਲੇ ਗਏ ਹਨ। ਜ਼ਿਕਰਯੋਗ ਹੈ ਕਿ ਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਨੇ ਦੇਸ਼ਮੁਖ ’ਤੇ ਇਹ ਦੋਸ਼ ਲਾਏ ਸਨ। ਮਹਾਰਾਸ਼ਟਰ ਸਰਕਾਰ ਦੇ ਵਕੀਲ ਸਚਿਨ ਪਾਟਿਲ ਨੇ ਕਿਹਾ ਕਿ ਸਰਕਾਰ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਅਪੀਲ ਪਾਈ ਗਈ ਹੈ। ਦੇਸ਼ਮੁਖ ਦੇ ਵਕੀਲ ਸੁਧਾਂਸ਼ੂ ਐੱਸ. ਚੌਧਰੀ ਨੇ ਕਿਹਾ ਕਿ ਉਨ੍ਹਾਂ ਵੀ ਸਿਖ਼ਰਲੀ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਇਸੇ ਦੌਰਾਨ ਮੁੰਬਈ ਦੇ ਵਕੀਲ ਜੈਸ੍ਰੀ ਪਾਟਿਲ, ਜਿਨ੍ਹਾਂ ਦੀ ਰਿੱਟ ਪਟੀਸ਼ਨ ’ਤੇ ਸੀਬੀਆਈ ਜਾਂਚ ਦਾ ਹੁਕਮ ਦਿੱਤਾ ਗਿਆ ਹੈ, ਨੇ ਵੀ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਪਾਟਿਲ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਇਸ ਮਾਮਲੇ ਵਿਚ ਕੋਈ ਵੀ ਹੁਕਮ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਸੁਣਿਆ ਜਾਵੇ। ਜ਼ਿਕਰਯੋਗ ਹੈ ਕਿ ਜਾਂਚ ਦੇ ਹੁਕਮਾਂ ਤੋਂ ਬਾਅਦ ਵਿਦਰਭ ਦੇ ਹੰਢੇ ਹੋਏ ਸਿਆਸਤਦਾਨ ਅਨਿਲ ਦੇਸ਼ਮੁਖ ਨੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਇਹ ਇਕ ‘ਅਸਾਧਾਰਨ’ ਤੇ ‘ਨਿਵੇਕਲਾ’ ਕੇਸ ਹੈ, ਇਸ ਲਈ ਸੁਤੰਤਰ ਜਾਂਚ ਲੋੜੀਂਦੀ ਹੈ। ਹਾਈ ਕੋਰਟ ਨੇ 52 ਸਫ਼ਿਆਂ ਦੇ ਫ਼ੈਸਲੇ ਵਿਚ ਕਿਹਾ ਸੀ ਕਿ ਪਰਮਬੀਰ ਸਿੰਘ ਦੇ ਦੋਸ਼ਾਂ ਨਾਲ ਸੂਬਾ ਪੁਲੀਸ ’ਤੇ ਨਾਗਰਿਕਾਂ ਦਾ ਭਰੋਸਾ ਦਾਅ ਉਤੇ ਲੱਗ ਗਿਆ ਹੈ। -ਪੀਟੀਆਈ