ਮੁੰਬਈ, 10 ਜਨਵਰੀ
ਮਹਾਰਾਸ਼ਟਰ ਵਿੱਚ ਮੁੱਖ ਮੰਤਰੀ ਊੱਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ-ਐਨੱਸੀਪੀ-ਕਾਂਗਰਸ ਦੀ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਕੁਝ ਹੋਰ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਇਹ ਜਾਣਕਾਰੀ ਅੱਜ ਇਕ ਅਧਿਕਾਰੀ ਨੇ ਦਿੱਤੀ। ਉੱਧਰ, ਭਾਜਪਾ ਨੇ ਇਸ ਕਾਰਵਾਈ ’ਤੇ ਤਿੱਖੀ ਪ੍ਰਕਿਰਿਆ ਦਿੱਤੀ ਹੈ। ਭਾਜਪਾ ਦੀ ਸੂਬਾ ਇਕਾਈ ਦੇ ਬੁਲਾਰੇ ਕੇਸ਼ਵ ਉਪਾਧਿਆਏ ਨੇ ਇਸ ਕਾਰਵਾਈ ਨੂੰ ਮੰਦਭਾਗੀ ਅਤੇ ਗੱਠਜੋੜ ਸਰਕਾਰ ਵੱਲੋਂ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਖ਼ਿਲਾਫ਼ ਕੀਤੀ ਜਾ ਰਹੀ ਬਦਲੇ ਦੀ ਰਾਜਨੀਤੀ ਕਰਾਰ ਦਿੱਤਾ ਹੈ। ਰਾਜ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਕ ਸਰਕੁਲਰ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਘਟਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਸਾਬਕਾ ਰਾਜਪਾਲ ਰਾਮ ਨਾਇਕ ਤੇ ਐੱਮਐੱਨਐੱਸ ਮੁਖੀ ਰਾਜ ਠਾਕਰੇ ਦੀ ਸੁਰੱਖਿਆ ਵੀ ਘਟਾਈ ਗਈ ਹੈ। ਸਰਕਾਰ ਵੱਲੋਂ ਭਾਜਪਾ ਦੀ ਸੂਬਾ ਇਕਾਈ ਦੇ ਮੁਖੀ ਚੰਦਰਕਾਂਤ ਪਾਟਿਲ ਅਤੇ ਸਾਬਕਾ ਮੰਤਰੀ ਤੇ ਭਾਜਪਾ ਆਗੂ ਸੁਧੀਰ ਮੁਨਗੰਟੀਵਾਰ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ। ਰਾਜ ਸਰਕਾਰ ਨੇ ਕਿਹਾ ਕਿ ਇਹ ਫ਼ੈਸਲਾ ਵੱਖ-ਵੱਖ ਵਿਅਕਤੀਆਂ ਨੂੰ ਦਿੱਤੀ ਗਈ ਸੁਰੱਖਿਆ ਦੀ ਸਮੀਖਿਆ ਕੀਤੇ ਜਾਣ ਤੋਂ ਬਾਅਦ ਲਿਆ ਗਿਆ ਹੈ।
-ਪੀਟੀਆਈ