ਮੁੰਬਈ, 28 ਫਰਵਰੀ
ਬੰਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਖ਼ਿਲਾਫ਼ ਹੁਕਮ ਅਦੂਲੀ ਪਟੀਸ਼ਨ ’ਤੇ ਸੁਣਵਾਈ ਇੱਕ ਹਫ਼ਤੇ ਲਈ ਟਾਲ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਉਹ (ਨਵਾਬ ਮਲਿਕ) ਪਹਿਲਾਂ ਹੀ ਜੇਲ੍ਹ ਵਿੱਚ ਹੈ। ਨਵਾਬ ਮਲਿਕ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਇਹ ਪਟੀਸ਼ਨ ਐੱਨਸੀਬੀ ਦੇ ਸਾਬਕਾ ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਦੇ ਪਿਤਾ ਗਿਆਨਦੇਵ ਵਾਨਖੇੜੇ ਵੱਲੋਂ ਇਸ ਸਾਲ ਦੇ ਸ਼ੁਰੂ ਵਿੱਚ ਦਾਖਲ ਕੀਤੀ ਗਈ ਸੀ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਸੰਬਰ 2021 ਵਿੱਚ ਅਦਾਲਤ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਸਮੀਰ ਵਾਨਖੇੜੇ ਖ਼ਿਲਾਫ਼ ਇਤਰਾਜ਼ਯੋਗ ਜਨਤਕ ਟਿੱਪਣੀ ਜਾਂ ਸੋਸ਼ਲ ਮੀਡੀਆ ’ਤੇ ਕੋਈ ਪੋਸਟ ਨਹੀਂ ਪਾਈ ਜਾਵੇਗੀ ਪਰ ਇਸ ਦੇ ਬਾਵਜੂਦ ਨਵਾਬ ਮਲਿਕ ਵੱਲੋਂ ਅਜਿਹਾ ਕਰਨਾ ਜਾਰੀ ਰੱਖਿਆ ਗਿਆ। ਉਦੋਂ ਅਦਾਲਤ ਵੱਲੋਂ ਮਲਿਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਅਦਾਲਤ ਨੇ ਪਟੀਸ਼ਨ ’ਤੇ ਸੁਣਵਾਈ 7 ਮਾਰਚ ਤੱਕ ਮੁਲਤਵੀ ਕਰ ਦਿੱਤੀ। -ਪੀਟੀਆਈ