ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਮੁੜ ਵਾਧਾ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਅੱਜ ਮਜੀਠੀਆ ਨੇ ਨਾਭਾ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਅਗਲੀ ਪੇਸ਼ੀ ’ਤੇ ਵੀ ਉਨ੍ਹਾਂ ਨੂੰ ਸਰੀਰਕ ਤੌਰ ’ਤੇ ਅਦਾਲਤ ਵਿੱਚ ਪੇਸ਼ ਨਾ ਕਰਨ ਦੇ ਆਦੇਸ਼ ਦਿੱਤੇ ਹਨ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ਵਿੱਚ ਮਜੀਠੀਆ ਦੀ ਹਰ ਪੇਸ਼ੀ ਮੌਕੇ ਹਾਜ਼ਰੀ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਹਾਲੇ ਵੀ ਸੁਣਵਾਈ ਅਧੀਨ ਹੈ। ਇਸੇ ਤਰ੍ਹਾਂ ਅੱਜ ਮਜੀਠੀਆ ਦੀ ਨਾਭਾ ਜੇਲ੍ਹ ਵਿਚਲੀ ਬੈਰੇਕ ਬਦਲਣ ਸਬੰਧੀ ਮਾਮਲੇ ਦੀ ਸੁਣਵਾਈ ਵੀ ਨਹੀਂ ਹੋਈ। ਇਹ ਮਾਮਲਾ ਹੁਣ 5 ਅਗਸਤ ਨੂੰ ਵਿਚਾਰਿਆ ਜਾਵੇਗਾ। ਬਚਾਅ ਪੱਖ ਦੇ ਵਕੀਲਾਂ ਨੇ ਜੇਲ੍ਹ ਵਿੱਚ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਉਸ ਨੂੰ ਸਾਬਕਾ ਵਿਧਾਇਕ ਅਤੇ ਮੰਤਰੀ ਹੋਣ ਦੇ ਨਾਤੇ ‘ਓਰੇਂਜ ਕੈਟਾਗਰੀ’ ਦਿੱਤੇ ਜਾਣ ਦੀ ਮੰਗ ਕੀਤੀ ਹੋਈ ਹੈ। ਅਦਾਲਤ ਨੇ ਇਸ ਸਬੰਧੀ ਜੇਲ੍ਹ ਸੁਪਰਡੈਂਟ ਅਤੇ ਏਡੀਜੀਪੀ ਜੇਲ੍ਹਾਂ ਤੋਂ ਰਿਪੋਰਟ ਮੰਗੀ ਸੀ, ਜੋ ਅਦਾਲਤ ਦੇ ਰਿਕਾਰਡ ’ਤੇ ਆ ਚੁੱਕੀ ਹੈ। ਇਸ ਦੇ ਨਾਲ ਹੀ ਅੱਜ ਵਿਜੀਲੈਂਸ ਵੱਲੋਂ ਮਜੀਠੀਆ ਦੀਆਂ ਜਾਇਦਾਦਾਂ ਦੇ ‘ਸਰਚ ਵਾਰੰਟ’ ਮੰਗੇ ਜਾਣ ਦੀ ਸੁਣਵਾਈ ਵੀ ਨਹੀਂ ਹੋ ਸਕੀ।
ਜ਼ਮਾਨਤ ਮਾਮਲੇ ਦੀ ਸੁਣਵਾਈ ਭਲਕੇ
ਮਜੀਠੀਆ ਦੀ ਜ਼ਮਾਨਤ ਸਬੰਧੀ ਦਾਇਰ ਪਟੀਸ਼ਨ ’ਤੇ ਸੁਣਵਾਈ 4 ਅਗਸਤ ਨੂੰ ਹੋਵੇਗੀ। ਇਸ ਮਾਮਲੇ ਵਿੱਚ ਬਚਾਅ ਪੱਖ ਦੀ ਬਹਿਸ ਪੂਰੀ ਹੋ ਚੁੱਕੀ ਹੈ। ਹੁਣ 4 ਅਗਸਤ ਨੂੰ ਸਰਕਾਰੀ ਧਿਰ ਦਾ ਪੱਖ ਸੁਣੇ ਜਾਣ ਤੋਂ ਬਾਅਦ ਅਦਾਲਤ ਵੱਲੋਂ ਫੈਸਲਾ ਸੁਣਾਇਆ ਜਾ ਸਕਦਾ ਹੈ।