ਮਜੀਠੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 14 ਹੋਰ ਦਿਨਾਂ ਲਈ ਵਧਾ ਦਿੱਤੀ ਗਈ ਹੈ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਅੱਜ ਮਜੀਠੀਆ ਨੇ ਜੇਲ੍ਹ ’ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਧਾਉਣ ਦਾ ਫੈਸਲਾ ਸੁਣਾਇਆ। ਅਗਲੀ ਪੇਸ਼ੀ 4 ਅਕਤੂਬਰ ਨੂੰ ਹੋਵੇਗੀ। ਅੱਜ ਦੀ ਪੇਸ਼ੀ ਵੇਲੇ ਸਰਕਾਰੀ ਅਤੇ ਬਚਾਅ ਪੱਖ ਦੇ ਵਕੀਲ ਅਦਾਲਤ ਵਿੱਚ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਹ 6 ਜੁਲਾਈ ਤੋਂ ਨਾਭਾ ਜੇਲ੍ਹ ਵਿੱਚ ਬੰਦ ਹਨ। ਵਿਜੀਲੈਂਸ ਵੱਲੋਂ ਉਨ੍ਹਾਂ ਖ਼ਿਲਾਫ਼ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਵੀ ਅਦਾਲਤ ਵਿਚ ਦਾਇਰ ਕੀਤੀ ਜਾ ਚੁੱਕੀ ਹੈ। ਮੁਹਾਲੀ ਦੀ ਅਦਾਲਤ ਮਜੀਠੀਆ ਦੀ ਜ਼ਮਾਨਤ ਅਤੇ ਬੈਰੇਕ ਬਦਲਣ ਦੀ ਅਪੀਲ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ। ਵਿਜੀਲੈਂਸ ਨੇ ਮਜੀਠੀਆ ਦੇ ਸਾਲੇ ਨੂੰ ਵੀ ਪਿਛਲੇ ਦਿਨੀਂ ਨੋਟਿਸ ਭੇਜ ਕੇ ਪੇਸ਼ ਹੋਣ ਲਈ ਬੁਲਾਇਆ ਸੀ ਪਰ ਦੋ ਵਾਰ ਨੋਟਿਸ ਭੇਜਣ ਦੇ ਬਾਵਜੂਦ ਉਹ ਵਿਜੀਲੈਂਸ ਕੋਲ ਨਹੀਂ ਪਹੁੰਚੇ।