ਨਵੀਂ ਦਿੱਲੀ, 1 ਅਗਸਤ
ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਨੂੰ ਕਿਹਾ ਹੈ ਕਿ ਉਹ 2008 ਦੇ ਮਾਲੇਗਾਉਂ ਧਮਾਕਾ ਕੇਸ ਦੇ ਮੁਲਜ਼ਮ ਲੈਫ਼ਟੀਨੈਂਟ ਕਰਨਲ ਪ੍ਰਸਾਦ ਪੁਰੋਹਿਤ ਦੀ ਅਰਜ਼ੀ ਦਾ ਤੇਜ਼ੀ ਨਾਲ ਨਬਿੇੜਾ ਕਰੇ। ਪੁਰੋਹਿਤ ਨੇ ਹਾਈ ਕੋਰਟ ਦਾ ਰੁਖ ਕਰਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ ਉਸ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਗਈ ਇਜਾਜ਼ਤ ਕਾਨੂੰਨੀ ਤੌਰ ’ਤੇ ਗਲਤ ਹੈ। ਜਸਟਿਸ ਹੇਮੰਤ ਗੁਪਤਾ ਤੇ ਜਸਟਿਸ ਵਿਕਰਮ ਨਾਥ ਦੇ ਬੈਂਚ ਨੇ ਕਿਹਾ ਕਿ ਹੁਣ ਤੱਕ 246 ਗਵਾਹ ਭੁਗਤ ਚੁੱਕੇ ਹਨ। ਬੈਂਚ ਨੇ ਕਿਹਾ ਕਿ ਪਟੀਸ਼ਨਰ ਦੀ ਅਰਜ਼ੀ ਹਾਈ ਕੋਰਟ ਕੋਲ ਬਕਾਇਆ ਪਈ ਹੈ ਜਿਸ ’ਚ ਉਸ ਨੇ ਸਰਕਾਰ ਵੱਲੋਂ ਦਿੱਤੀ ਗਈ ਮਨਜ਼ੂਰੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਕਾਨੂੰਨ ਮੁਤਾਬਕ ਅਰਜ਼ੀ ਦਾ ਤੇਜ਼ੀ ਨਾਲ ਨਬਿੇੜਾ ਕਰੇ। ਹਾਈ ਕੋਰਟ ਨੇ 18 ਦਸੰਬਰ, 2017 ਨੂੰ ਸਰਕਾਰ ਵੱਲੋਂ ਪੁਰੋਹਿਤ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਗਈ ਇਜਾਜ਼ਤ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਐੱਨਆਈਏ ਅਦਾਲਤ ਨੇ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਸੀ। -ਪੀਟੀਆਈ