ਕੋਲਕਾਤਾ, 24 ਜੂਨ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਵੱਲੋਂ ਕੋਵੈਕਸੀਨ ਦੀ ਫੌਰੀ ਪ੍ਰਵਾਨਗੀ ਲਈ ਉਹ ਦਖ਼ਲ ਦੇਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਰੋਨਾ ਤੋਂ ਬਚਾਅ ਲਈ ਭਾਰਤ ਬਾਇਓਟੈੱਕ ਦੇ ਟੀਕੇ ਲਗਵਾਏ ਹਨ, ਉਨ੍ਹਾਂ ਨੂੰ ਵਿਦੇਸ਼ ਜਾਣ ’ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੁੱਖ ਮੰਤਰੀ ਨੇ ਆਪਣੀ ਚਿੱਠੀ ’ਚ ਇਹ ਵੀ ਜ਼ਿਕਰ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੂੰ ਸ਼ੁਰੂ ਤੋਂ ਹੀ ਕੋਵੀਸ਼ੀਲਡ ਅਤੇ ਕੋਵੈਕਸੀਨ ਦੇ ਟੀਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸੈਕਟਰ ਵੱਲੋਂ ਵੀ ਦੋਵੇਂ ਟੀਕੇ ਲੋਕਾਂ ਨੂੰ ਲਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ,‘‘ਦੇਸ਼ ਦੇ ਵੱਡੀ ਗਿਣਤੀ ’ਚ ਵਿਦਿਆਰਥੀ ਹਰ ਸਾਲ ਉਚੇਰੀ ਸਿੱਖਿਆ ਲਈ ਵਿਦੇਸ਼ ਜਾਂਦੇ ਹਨ ਅਤੇ ਉਨ੍ਹਾਂ ’ਚੋਂ ਬਹੁਤਿਆਂ ਨੇ ਕੋਵੈਕਸੀਨ ਦੇ ਟੀਕੇ ਲਗਵਾਏ ਹਨ। ਹੁਣ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਵੈਕਸੀਨੇਸ਼ਨ ਸਰਟੀਫਿਕੇਟ ਵਿਦੇਸ਼ ’ਚ ਜਾਇਜ਼ ਨਹੀਂ ਹੈ। ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਾ ਹੋਇਆ ਹੈ।’’ ਉਨ੍ਹਾਂ ਕਿਹਾ ਕਿ ਕਈ ਮੁਲਕ ਡਬਲਿਊਐੱਚਓ ਪ੍ਰਵਾਨਤ ਵੈਕਸੀਨ ਲਗਵਾਉਣ ਵਾਲਿਆਂ ਨੂੰ ਆਉਣ ਦੀ ਇਜਾਜ਼ਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੁਰੰਤ ਡਬਿਲਊਐੱਚਓ ਨਾਲ ਸੰਪਰਕ ਬਣਾ ਕੇ ਕੋਵੈਕਸੀਨ ਦੀ ਪ੍ਰਵਾਨਗੀ ਲਵੇ ਤਾਂ ਜੋ ਵਿਦਿਆਰਥੀਆਂ ਦੇ ਨਾਲ ਨਾਲ ਕਾਰੋਬਾਰੀਆਂ ਅਤੇ ਹੋਰਾਂ ਨੂੰ ਵੀ ਵਿਦੇਸ਼ ਜਾਣ ’ਚ ਕੋਈ ਦਿੱਕਤ ਨਾ ਆਵੇ। -ਪੀਟੀਆਈ