ਸ਼ਾਂਤ ਪਰ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀ ਸਨ Manmohan Singh: ਸੋਨੀਆ
ਸਾਬਕਾ ਪ੍ਰਧਾਨ ਮੰਤਰੀ ਦਾ ਮੋਦੀ ਤੋਂ ਵਧੇਰੇ ਇਮਾਨਦਾਰ ਅਤੇ ਜਵਾਬਦੇਹ ਹੋਣ ਦਾ ਦਾਅਵਾ
ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਕਿਹਾ ਹੈ ਕਿ ਇਤਿਹਾਸ ਡਾ. ਮਨਮੋਹਨ ਸਿੰਘ ਨੂੰ ਭਾਰਤ ਦੇ ਸ਼ਾਂਤ ਪਰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀ ਵਜੋਂ ਯਾਦ ਰੱਖੇਗਾ। ਉਨ੍ਹਾਂ ਅਨੁਸਾਰ ਡਾ. ਮਨਮੋਹਨ ਸਿੰਘ ਦੀ ਇਮਾਨਦਾਰੀ ਅਤੇ ਜਵਾਬਦੇਹੀ ਦਾ ਰਿਕਾਰਡ ਮੋਦੀ ਸਰਕਾਰ ਦੇ ਮੁਕਾਬਲੇ ਕਿਤੇ ਵਧੀਆ ਸੀ।
ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਦੀ ਜਨਵਰੀ 2014 ਦੀ ਭਵਿੱਖਬਾਣੀ ਹਰ ਲੰਘਦੇ ਦਿਨ ਹੋਰ ਵੱਧ ਸੱਚੀ ਸਾਬਤ ਹੋ ਰਹੀ ਹੈ। ਉਨ੍ਹਾਂ ਦਾ ਇਸ਼ਾਰਾ ਉਸ ਬਿਆਨ ਵੱਲ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਨਰਿੰਦਰ ਮੋਦੀ ਦਾ ਦੇਸ਼ ਦਾ ਪ੍ਰਧਾਨ ਮੰਤਰੀ ਬਣਨਾ ਮੁਲਕ ਲਈ ਤਬਾਹਕੁਨ ਸਾਬਤ ਹੋਵੇਗਾ। ਅੰਗਰੇਜ਼ੀ ਅਖਬਾਰ ਵਿੱਚ ਛਪੇ ਲੇਖ ਵਿੱਚ ਉਨ੍ਹਾਂ ਇਹ ਪ੍ਰਤੀਕਰਮ ਸੁਪਰੀਮ ਕੋਰਟ ਵੱਲੋਂ ਡਾ. ਮਨਮੋਹਨ ਸਿੰਘ ਨੂੰ ਕੋਲਾ ਬਲਾਕਾਂ ਦੀ ਵੰਡ ਦੇ ਮਾਮਲੇ ਵਿੱਚ ਕਲੀਨ ਚਿੱਟ ਦੇਣ ਤੋਂ ਬਾਅਦ ਦਿੱਤਾ ਹੈ।
ਸੋਨੀਆ ਗਾਂਧੀ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨਾਲ ਮਨਮੋਹਨ ਖ਼ਿਲਾਫ਼ ਚਲਾਈ ਗਈ ਸਾਜ਼ਿਸ਼ ਦਾ ਅੰਤ ਹੋ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਨੌਕਰਸ਼ਾਹੀ, ਮੀਡੀਆ, ਆਰ ਐੱਸ ਐੱਸ ਅਤੇ ਭਾਜਪਾ ਨੇ ਰਲ ਕੇ ਇਹ ਸਾਜ਼ਿਸ਼ ਰਚੀ ਸੀ। ਸਾਬਕਾ ਪ੍ਰਧਾਨ ਮੰਤਰੀ ਹਰ ਪੱਖੋਂ ਸਹੀ ਸਾਬਤ ਹੋਏ ਹਨ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਜਿਵੇਂ ਉਹ ਅੱਜ ਕੱਲ੍ਹ ਵਿਦਿਆਰਥੀਆਂ ਨੂੰ ਮੁਆਫ਼ ਕਰ ਰਹੇ ਹਨ, ਉਨ੍ਹਾਂ ਨੂੰ ਮਨਮੋਹਨ ਸਿੰਘ ਖ਼ਿਲਾਫ਼ ਕੀਤੀਆਂ ਟਿੱਪਣੀਆਂ ਲਈ ਖ਼ੁਦ ਨੂੰ ਵੀ ਮੁਆਫ਼ ਕਰਨਾ ਚਾਹੀਦਾ ਹੈ। ਉਨ੍ਹਾਂ ਯਾਦ ਕਰਵਾਇਆ ਕਿ 2017 ਵਿੱਚ ਸੰਸਦ ਵਿੱਚ ਪ੍ਰਧਾਨ ਮੰਤਰੀ ਦੀ ‘ਰੇਨਕੋਟ ਪਾ ਕੇ ਨਹਾਉਣ’ ਵਾਲੀ ਟਿੱਪਣੀ ਸੰਸਦੀ ਇਤਿਹਾਸ ਦਾ ਸਭ ਤੋਂ ਨੀਵਾਂ ਪੱਧਰ ਸੀ।
ਸੋਨੀਆ ਗਾਂਧੀ ਨੇ ਕਿਹਾ ਕਿ ਮੌਜੂਦਾ ਸਰਕਾਰ ਸਿਆਸੀ ਆਗੂਆਂ ਨੂੰ ਚੁੱਪ ਕਰਵਾਉਣ ਲਈ ਈ ਡੀ ਅਤੇ ਸੀ ਬੀ ਆਈ ਵਰਗੀਆਂ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਯੂ ਪੀ ਏ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਸ ਦੌਰਾਨ ਵਿਕਾਸ ਦਰ ਪਿਛਲੇ 12 ਸਾਲਾਂ ਨਾਲੋਂ ਵੱਧ ਸੀ। ਸਾਬਕਾ ਪ੍ਰਧਾਨ ਮੰਤਰੀ ਵੱਲੋਂ ਲਾਗੂ ਕੀਤੇ ਸਿੱਖਿਆ ਦਾ ਅਧਿਕਾਰ, ਜੰਗਲਾਤ ਅਧਿਕਾਰ ਐਕਟ, ਮਗਨਰੇਗਾ ਅਤੇ ਕੌਮੀ ਖ਼ੁਰਾਕ ਸੁਰੱਖਿਆ ਐਕਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਨੇ ਭਾਰਤ ਵਿੱਚ ਆਰਥਿਕ ਅਤੇ ਸਮਾਜਿਕ ਤਬਦੀਲੀ ਲਿਆਂਦੀ। ਸੂਚਨਾ ਦਾ ਅਧਿਕਾਰ (ਆਰ ਟੀ ਆਈ) ਵਰਗਾ ਅਹਿਮ ਕਾਨੂੰਨ ਵੀ ਉਨ੍ਹਾਂ ਦੀ ਦੇਣ ਸੀ, ਜਿਸ ਨੂੰ ਹੁਣ ਕਮਜ਼ੋਰ ਕਰ ਦਿੱਤਾ ਗਿਆ ਹੈ।

