ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾ
ਚੰਡੀਗੜ੍ਹ, 11 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਹਨ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਮਾਨ ਦੀ ਆਲੋਚਨਾ ਨੂੰ ਗੈਰ-ਜ਼ਿੰਮੇਵਾਰਾਨਾ ਕਰਾਰ ਦਿੱਤਾ ਸੀ।
ਮਾਨ ਨੇ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਸੀ ਕਿ ਉਹ 10,000 ਦੀ ਆਬਾਦੀ ਵਾਲੇ ਦੇਸ਼ ਤੋਂ ਮਿਲੇ ਵਿਦੇਸ਼ੀ ਸਨਮਾਨ ਦਾ ਜਸ਼ਨ ਮਨਾਉਂਦੇ ਹਨ ਜਦੋਂ ਕਿ ਦੇਸ਼ ਦੇ ਜ਼ਰੂਰੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਦੇ ਹਨ। ਮਾਨ ਨੇ ਕਿਹਾ,‘‘ਪਤਾ ਨਹੀਂ ਕਿਹੜੇ-ਕਿਹੜੇ ਦੇਸ਼ ਮੈਗਨੀਸ਼ੀਆ, ਗਾਲਵੇਸ਼ੀਆ, ਤਰਵੇਸ਼ੀਆ ਵਿਚ ਉਹ ਘੁੰਮਦੇ ਰਹਿੰਦੇ ਹਨ। (ਪਰ) ਉਹ ਉਸ ਦੇਸ਼ ਵਿੱਚ ਨਹੀਂ ਰਹਿ ਰਹੇ ਜਿੱਥੇ 140 ਕਰੋੜ ਲੋਕ ਰਹਿੰਦੇ ਹਨ। ਜਿਨ੍ਹਾਂ ਦੇਸ਼ਾਂ ਵਿੱਚ ਉਹ ਜਾ ਰਹੇ ਹਨ, ਉਨ੍ਹਾਂ ਦੀ ਆਬਾਦੀ 10,000 ਹੈ ਅਤੇ ਉਨ੍ਹਾਂ ਨੂੰ ਉੱਥੇ ਸਭ ਤੋਂ ਵੱਡਾ ਪੁਰਸਕਾਰ ਮਿਲਿਆ। ਇੱਥੇ 10,000 ਲੋਕ ਜੇ.ਸੀ.ਬੀ. ਮਸ਼ੀਨ (ਮਿੱਟੀ ਪੁੱਟਣ ਵਾਲੀ ਮਸ਼ੀਨ) ਦੇਖਣ ਲਈ ਇਕੱਠੇ ਹੋ ਜਾਂਦੇ ਹਨ।’’
Modi goes to countries with 10000 population to get awards and call himself great, these many people gather in India just to watch a JCB 😂😂😂
This is brutal from Bhagwant Mann 😭 pic.twitter.com/ullPj54Uk0
— Roshan Rai (@RoshanKrRaii) July 10, 2025
ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਸੇਧਦੇ ਹੋਏ ਉਨ੍ਹਾਂ ਅੱਗੇ ਕਿਹਾ, "ਉਨ੍ਹਾਂ ਨੇ 11 ਸਾਲਾਂ ਵਿੱਚ ਇੱਕ ਵੀ ਪ੍ਰੈੱਸ ਕਾਨਫਰੰਸ ਨਹੀਂ ਕੀਤੀ।" ਉਧਰ ਵਿਦੇਸ਼ ਮੰਤਰਾਲਾ ਨੇ ਮਾਨ ਦੀ ਆਲੋਚਨਾ ਨੂੰ ਨਾ-ਮਨਜ਼ੂਰ ਕੀਤਾ। ਉਨ੍ਹਾਂ ਦਾ ਨਾਮ ਲਏ ਬਿਨਾਂ ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਇੱਕ ਸੂਬਾ ਅਥਾਰਟੀ ਵੱਲੋਂ ਕੀਤੀਆਂ ਗਈਆਂ ਅਯੋਗ ਟਿੱਪਣੀਆਂ ਤੋਂ ਆਪਣੇ ਆਪ ਨੂੰ ਵੱਖ ਕਰਦੀ ਹੈ, ਇਸ ਨਾਲ ਭਾਰਤ ਦੇ ਦੋਸਤਾਨਾ ਦੇਸ਼ਾਂ ਨਾਲ ਸਬੰਧਾਂ ਨੂੰ ਨੁਕਸਾਨ ਪਹੁੰਚਦਾ ਹੈ। -ਪੀਟੀਆਈ