ਮਨਧੀਰ ਦਿਓਲ
ਨਵੀਂ ਦਿੱਲੀ, 12 ਅਕਤੂਬਰ
ਇੱਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਅੱਗੇ ਛੱਠ ਪੂਜਾ ਮਨਾਉਣ ਦੀ ਆਗਿਆ ਦੇਣ ਸਬੰਧੀ ਭਾਜਪਾ ਵੱਲੋਂ ਕੀਤੇ ਜਾ ਰਹੇ ਇੱਕ ਰੋਸ ਮੁਜ਼ਾਹਰੇ ਦੌਰਾਨ ਇੱਕ ਜੋਲ ਤੋਪ ਦੀ ਮਾਰ ਕਾਰਨ ਜ਼ਖ਼ਮੀ ਹੋਏ ਭਾਜਪਾ ਐੱਮਪੀ ਮਨੋਜ ਤਿਵਾੜੀ ਨੂੰ ਸਫਦਰਜੰਗ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਭਾਜਪਾ ਕਾਰਕੁਨਾਂ ਵੱਲੋਂ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਅੱਗੇ ਛੱਠ ਪੂਜਾ ਮਨਾਉਣ ਸਬੰਧੀ ਡੀਡੀਐੱਮਏ ਵੱਲੋਂ ਲਾਈ ਪਾਬੰਦੀ ਖ਼ਿਲਾਫ਼ ਮੁਜ਼ਾਹਰਾ ਕੀਤਾ ਜਾ ਰਿਹਾ ਸੀ। ਜਾਣਕਾਰੀ ਮੁਤਾਬਕ ਭਾਜਪਾ ਆਗੂਆਂ ਵੱਲੋਂ ਦਿੱਲੀ ਪੁਲੀਸ ਦੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਦਿੱਲੀ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਨਾਲ ਭਾਜਪਾ ਆਗੂਆਂ ਤੇ ਕਾਰਕੁਨਾਂ ਨੂੰ ਖਦੇੜ ਦਿੱਤਾ। ਦੂਜੇ ਪਾਸੇ ਕਾਂਗਰਸ ਦੇ ਸੂਬਾ ਪ੍ਰਧਾਨ ਅਨਿਲ ਕੁਮਾਰ ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਕਿਹਾ ਕਿ ਦਿੱਲੀ ਸਰਕਾਰ ਪੂਰਬਾਂਚਲੀਆਂ ਤੇ ਦਲਿਤਾਂ ਦੀ ਆਸਥਾ ਨਾਲ ਖਿਲਵਾੜ ਨਾ ਕਰੇ ਕਿਉਂਕਿ ਦਿੱਲੀ ਸਰਕਾਰ ਨੇ ਛੱਠ ਪੂਜਾ ਦੀ ਆਗਿਆ ਨਹੀਂ ਦਿੱਤੀ ਹੈ।