ਨਵੀਂ ਦਿੱਲੀ, 16 ਜੂਨ
ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਆਗੂਆਂ ਸਮੇਤ ਪੰਜਾਬ ਨਾਲ ਸਬੰਧਤ ਕਈ ਸਿੱਖ ਸ਼ਖ਼ਸੀਅਤਾਂ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈਆਂ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਭਾਜਪਾ ਦੇ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਦੀ ਹਾਜ਼ਰੀ ਵਿਚ ਭਾਜਪਾ ’ਚ ਸ਼ਾਮਲ ਹੋਣ ਵਾਲੀਆਂ ਇਨ੍ਹਾਂ ਸ਼ਖ਼ਸੀਅਤਾਂ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਜਸਵਿੰਦਰ ਸਿੰਘ ਢਿੱਲੋਂ, ਹਰਿੰਦਰ ਸਿੰਘ ਕਾਹਲੋਂ, ਜਗਮੋਹਨ ਸਿੰਘ ਸੈਣੀ ਅਤੇ ਨਿਰਮਲ ਸਿੰਘ ਮੁਹਾਲੀ ਸ਼ਾਮਲ ਸਨ। ਇਨ੍ਹਾਂ ਸਾਰਿਆਂ ਨੂੰ ਲੋਕਾਂ ਨਾਲ ਸਬੰਧਤ ਵੱਖ-ਵੱਖ ਖੇਤਰਾਂ ਵਿਚ ਕੰਮ ਕਰਨ ਦਾ ਤਜਰਬਾ ਹੈ।
ਭਾਜਪਾ ਦੇ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਸ੍ਰੀ ਕਾਹਲੋਂ ਸਿੱਖ ਵਿਦਿਆਰਥੀਆਂ ਦੀ ਭਲਾਈ ਨਾਲ ਸਬੰਧਤ ਕੰਮਾਂ ’ਚ ਸ਼ਾਮਲ ਰਹੇ ਹਨ ਜਦਕਿ ਜਗਮੋਹਨ ਸਿੰਘ ਸੈਣੀ ਤੇ ਨਿਰਮਲ ਸਿੰਘ ਮੁਹਾਲੀ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ। ਇਸ ਦੌਰਾਨ ਕੁਲਦੀਪ ਸਿੰਘ ਕਾਹਲੋਂ ਤੇ ਕਰਨਲ (ਸੇਵਾਮੁਕਤ) ਜੈਬੰਸ ਸਿੰਘ ਵੀ ਭਾਜਪਾ ’ਚ ਸ਼ਾਮਲ ਹੋਏ।
ਇਸ ਦੌਰਾਨ ਸ੍ਰੀ ਸ਼ੇਖਾਵਤ ਨੇ ਕਿਹਾ ਕਿ ਅੱਜ ਭਾਜਪਾ ਵਿਚ ਸ਼ਾਮਲ ਹੋਈਆਂ ਇਨ੍ਹਾਂ ਸਾਰੀਆਂ ਸ਼ਖ਼ਸੀਅਤਾਂ ਦਾ ਵੱਖ-ਵੱਖ ਖੇਤਰਾਂ ਵਿਚ ਸਾਲਾਂ ਦਾ ਤਜਰਬਾ ਹੈ ਅਤੇ ਇਨ੍ਹਾਂ ਦੇ ਤਜਰਬੇ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਇਸ ਦੌਰਾਨ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਭਾਜਪਾ ਵਿਚ ਸ਼ਾਮਲ ਹੋਣ ਵਾਲੀਆਂ ਇਹ ਸਾਰੀਆਂ ਸਿੱਖ ਸ਼ਖ਼ਸੀਅਤਾਂ ਹਨ। ਹਾਲਾਂਕਿ, ਕਿਹਾ ਜਾ ਰਿਹਾ ਹੈ ਕਿ ਸਿੱਖਾਂ ਦਾ ਇਕ ਤਬਕਾ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਤੋਂ ਨਾਖੁਸ਼ ਹੈ। ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਸੂਬੇ ਵਿਚ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਕਦਮ ਉਠਾਉਣੇ ਸ਼ੁਰੂ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਭਾਜਪਾ ਨੂੰ ਪੰਜਾਬ ’ਚ ਕਾਫੀ ਢਾਹ ਲੱਗੀ ਹੈ। -ਪੀਟੀਆਈ