ਸ਼ਹੀਦੀ ਪੁਰਬ: ਆਨੰਦਪੁਰ ਸਾਹਿਬ ਵਿੱਚ ਸੰਗਤ ਦੀ ਆਮਦ ਸ਼ੁਰੂ
ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਅੱਜ ਸਵੇਰ ਤੋਂ ਹੀ ਦੇਸ਼-ਵਿਦੇਸ਼ ਤੋਂ ਸੰਗਤ ਦੀ ਆਮਦ ਸ਼ੁਰੂ ਹੋ ਗਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ ਹੋ ਰਹੀ ਹੈ। ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਕਾਰ ਸੇਵਾ ਵਾਲੇ ਮਹਾਪੁਰਖਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਹਨ।
ਧਰਮ ਪ੍ਰਚਾਰ ਕਮੇਟੀ ਨੇ ਗੁਰਦੁਆਰਾ ਭੋਰਾ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਅਤੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਇਤਿਹਾਸ ਨਾਲ ਸਬੰਧਤ ਚਿੱਤਰ ਪ੍ਰਦਰਸ਼ਨੀ ਲਾਈ ਹੈ, ਜੋ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਤੋਂ ਇਲਾਵਾ ਪੁਸਤਕ ਪ੍ਰਦਰਸ਼ਨੀ ਵਿੱਚ ਵੀ ਧਾਰਮਿਕ ਸਾਹਿਤ ਪ੍ਰਤੀ ਸੰਗਤ ਦੀ ਰੁਚੀ ਦੇਖਣ ਨੂੰ ਮਿਲੀ।
ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਮੁੱਖ ਸ਼ਖ਼ਸੀਅਤਾਂ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਿਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਤੇ ਮੀਤ ਸਕੱਤਰ ਗੁਰਨਾਮ ਸਿੰਘ ਸ਼ਾਮਲ ਸਨ। ਸਮਾਗਮਾਂ ਦੇ ਸੁਚਾਰੂ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਸੇਵਾ ਨਿਭਾਉਣ ਦੀ ਅਪੀਲ ਕੀਤੀ।
ਗੁਰਗੱਦੀ ਦਿਵਸ ਨਾਲ ਸਬੰਧਤ ਸਮਾਗਮ ਅੱਜ
ਗੁਰੂ ਗੋਬਿੰਦ ਸਿੰਘ ਦੇ ਗੁਰਗੱਦੀ ਦਿਵਸ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਤਹਿਤ 23 ਨਵੰਬਰ ਨੂੰ ਗੁਰਦੁਆਰਾ ਭੋਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਮਗਰੋਂ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਕਥਾ ਵਿਚਾਰਾਂ ਨਾਲ ਸਾਂਝ ਪਾਉਣਗੇ। ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਜਾਏ ਜਾਣ ਵਾਲੇ ਦੀਵਾਨ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹਾਜ਼ਰੀ ਭਰਨਗੇ।
