ਲਖਨਊ, 22 ਨਵੰਬਰ
ਬਸਪਾ ਮੁਖੀ ਮਾਇਆਵਤੀ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਦੇ ਬਾਵਜੂਦ ਕੁੱਝ ਭਾਜਪਾ ਆਗੂ ਇਸ ਮਾਮਲੇ ’ਤੇ ਆਪਣੀ ਭੜਕਾਊ ਬਿਆਨਬਾਜ਼ੀ ਕਰ ਕੇ ਮਾਹੌਲ ਨੂੰ ਖ਼ਰਾਬ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਜੇ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਉਸ ’ਤੇ ਭਰੋਸਾ ਕਰਨ ਤਾਂ ਜ਼ਰੂਰੀ ਹੈ ਕਿ ਅਜਿਹੇ ਭਾਜਪਾ ਆਗੂਆਂ ਦੀ ਲਗਾਮ ਕਸੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਕਿਸਾਨਾਂ ਦੀਆਂ ਬਾਕੀ ਮੰਗਾਂ ਵੀ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਕਿ ਉਹ ਸੰਤੁਸ਼ਟ ਹੋ ਕੇ ਘਰ ਪਰਤ ਸਕਣ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਟਵੀਟ ਕੀਤਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਗਪਗ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਮੰਨਣ ਦੇ ਨਾਲ ਨਾਲ ਉਨ੍ਹਾਂ ਦੀਆਂ ਬਾਕੀ ਜਾਇਜ਼ ਮੰਗਾਂ ਵੀ ਸਮਾਂ ਰਹਿੰਦਿਆਂ ਹੀ ਮੰਨ ਲੈਣੀਆਂ ਚਾਹੀਦੀਆਂ ਹਨ।’’ ਉਨ੍ਹਾਂ ਇੱਕ ਹੋਰ ਟਵੀਟ ਵਿੱਚ ਕਿਹਾ, ‘‘ਕਿਸਾਨਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜ਼ਰੂਰੀ ਹੈ ਕਿ ਭਾਜਪਾ ਦੇ ਆਗੂਆਂ ਦੀ ਬਿਆਨਬਾਜ਼ੀ ’ਤੇ ਲਗਾਮ ਲੱਗੇ ਜੋ ਆਪਣੇ ਭੜਕਾਊ ਬਿਆਨਾਂ ਰਾਹੀਂ ਮਾਹੌਲ ਖ਼ਰਾਬ ਕਰ ਰਹੇ ਹਨ।’’ -ਪੀਟੀਆਈ