ਨਵੀਂ ਦਿੱਲੀ, 14 ਮਾਰਚ
ਇਥੇ ਗਾਂਧੀ ਪੀਸ ਫਾਊਂਡੇਸ਼ਨ ਵਿੱਚ ਹੋਈ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੋਫਾੜ ਹੋ ਗਿਆ। ਇਥੇ ਦੋ ਧਿਰਾਂ ਵੱਲੋਂ ਵੱਖ-ਵੱਖ ਬੈਠਕਾਂ ਕੀਤੀਆਂ ਗਈਆਂ। ਇੱਕ ਧਿਰ ਦੀ ਬੈਠਕ ਫਾਊਂਡੇਸ਼ਨ ਦੇ ਵਿਹੜੇ ਜਦੋਂਕਿ ਦੂਜੀ ਦੀ ਫਾਊਂਡੇਸ਼ਨ ਦੇ ਹਾਲ ਕਮਰੇ ਵਿੱਚ ਹੋਈ। ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਸ਼ੁਰੂ ਹੋਈ ਤਾਂ ਯੋਗੇਂਦਰ ਯਾਦਵ ਦੀ ਅਗਵਾਈ ਵਾਲੇ ਧੜੇ ਨੇ ਸੰਯੁਕਤ ਸਮਾਜ ਮੋਰਚਾ ਬਣਾ ਕੇ ਚੋਣਾਂ ਲੜਨ ਵਾਲੇ ਆਗੂਆਂ ਨੂੰ ਮੀਟਿੰਗ ’ਚੋਂ ਬਾਹਰ ਜਾਣ ਲਈ ਆਖ ਦਿੱਤਾ। ਇਸ ਮਗਰੋਂ ਦੋਵਾਂ ਧਿਰਾਂ ਦਰਮਿਆਨ ਤਕਰਾਰ ਵੀ ਹੋਈ। ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਲੜਨ ਵਾਲੇ ਬਲਬੀਰ ਸਿੰਘ ਰਾਜੇਵਾਲ, ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ, ਬੋਧ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਕਵਲਪ੍ਰੀਤ ਸਿੰਘ ਪੰਨੂ ਨੇ ਵੱਖਰੀ ਪ੍ਰੈਸ ਕਾਨਫਰੰਸ ਕੀਤੀ।
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਸਣੇ ਹੋਰ ਕਿਸਾਨੀ ਮੰਗਾਂ ਪ੍ਰਤੀ ਬੇਰੁਖ਼ੀ ਖ਼ਿਲਾਫ਼ ਮੁੜ ਤੋਂ ਕਿਸਾਨ ਅੰਦੋਲਨ ਦਾ ਅਗਲਾ ਪੜਾਅ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਵਿੱਚ ਸ਼ਾਮਲ ਡਾ. ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਕੱਕਾਜੀ, ਯੁੱਧਵੀਰ ਸਿੰਘ ਤੇ ਯੋਗੇਂਦਰ ਯਾਦਵ ਵੱਲੋਂ ਜਾਰੀ ਬਿਆਨ ਮੁਤਾਬਕ ਮੋਰਚੇ ਵੱਲੋਂ 11 ਤੋਂ 17 ਅਪਰੈਲ ਦਰਮਿਆਨ ਐੱਮਐੱਸਪੀ ਲਈ ਕਾਨੂੰਨੀ ਗਾਰੰਟੀ ਹਫ਼ਤਾ ਦੇਸ਼ ਪੱਧਰ ’ਤੇ ਮਨਾਇਆ ਜਾਵੇਗਾ। ਕੇਂਦਰ ਵਲੋਂ ਕਿਸਾਨੀ ਮੰਗਾਂ ਨਾ ਮੰਨਣ ਕਾਰਨ ਕਿਸਾਨਾਂ ਵਿਚ ਰੋਸ ਹੈ। ਇਸ ਕਾਰਨ ਸੰਯੁਕਤ ਕਿਸਾਨ ਮੋਰਚਾ 21 ਮਾਰਚ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਕਰੇਗਾ।
ਮੋਰਚੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵੱਲੋਂ 9 ਦਸੰਬਰ 2021 ਨੂੰ ਦਿੱਤੇ ਗਏ ਭਰੋਸਾ ਪੱਤਰ, ਘੱਟੋ ਘੱਟ ਸਮਰਥਨ ਮੁੱਲ ’ਤੇ ਕੌਮੀ ਨੀਤੀ ਅਤੇ ਲਖੀਮਪੁਰ ਖੀਰੀ ਮਾਮਲੇ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਲਈ ਯਾਦਗਾਰ ਬਣਾਉਣ ਦੀ ਯੋਜਨਾ ’ਤੇ ਵੀ ਮੀਟਿੰਗ ਦੌਰਾਨ ਚਰਚਾ ਕੀਤੀ ਗਈ। -ਏਜੰਸੀ