ਸ੍ਰੀਨਗਰ, 26 ਮਾਰਚ
ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਬਿੂਬਾ ਮੁਫ਼ਤੀ ਨੇ ਕਥਿਤ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪਾਰਟੀ ਮੈਂਬਰਾਂ ਨੂੰ ਲਾਲਚ ਅਤੇ ਧਮਕੀਆਂ ਦੇ ਕੇ ਪੀਡੀਪੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮਹਬਿੂਬਾ ਦਾ ਇਹ ਬਿਆਨ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਆਪਣੇ ਸ੍ਰੀਨਗਰ ਦਫ਼ਤਰ ’ਚ ਕਾਲੇ ਧਨ ਨੂੰ ਸਫ਼ੇਦ ਕਰਨ ਦੇ ਮਾਮਲੇ ’ਚ ਪੰਜ ਘੰਟੇ ਪੁੱਛ-ਪੜਤਾਲ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਆਇਆ ਹੈ।
ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਬਿੂਬਾ ਮੁਫ਼ਤੀ ਨੇ ਅੱਜ ਟਵੀਟ ਕੀਤਾ, ‘ਭਾਰਤ ਸਰਕਾਰ ਪੀਡੀਪੀ ਦੇ ਮੈਂਬਰਾਂ ਨੂੰ ਲਾਲਚ ਅਤੇ ਧਮਕੀਆਂ ਦੇ ਕੇ ਪਾਰਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਮੈਨੂੰ ਡਰਾਉਣ ਲਈ ਈਡੀ ਵਰਗੀਆਂ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ।’ ਸਰਕਾਰ ’ਤੇ ਬਦਲੇ ਦੀ ਭਾਵਨਾ ਨਾਲ ਕੰਮ ਕਰਨ ਦਾ ਦੋਸ਼ ਲਾਉਂਦਿਆਂ ਮੁਫ਼ਤੀ ਨੇ ਕਿਹਾ, ‘ਮੇਰੇ ਤੋਂ ਮੇਰਾ ਪਾਸਪੋਰਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਇਹ ਸਿਆਸੀ ਬਦਲਾਖੋਰੀ ਨਹੀਂ ਤਾਂ ਹੋਰ ਕੀ ਹੈ?’ ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਈਡੀ ਵੱਲੋਂ ਪੁੱਛ-ਪੜਤਾਲ ਕਰਨ ਮਗਰੋਂ ਮਹਬਿੂਬਾ ਮੁਫ਼ਤੀ ਨੇ ਕਿਹਾ ਸੀ ਕਿ ਦੇਸ਼ ’ਚ ਅਸਹਿਮਤੀ ਨੂੰ ਅਪਰਾਧ ਐਲਾਨਿਆ ਜਾ ਰਿਹਾ ਹੈ ਅਤੇ ਵਿਰੋਧੀ ਧਿਰਾਂ ਦੀ ਆਵਾਜ਼ ਦਬਾਉਣ ਲਈ ਐੱਨਆਈਏ, ਸੀਬੀਆਈ ਅਤੇ ਈਡੀ ਵਰਗੀਆਂ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। -ਪੀਟੀਆਈ