ਹੜ੍ਹ ਪੀੜਤਾਂ ਦੀ ਮਦਦ ਲਈ ‘ਮਿਸ਼ਨ ਚੜ੍ਹਦੀ ਕਲਾ’ ਦਾ ਆਗ਼ਾਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਮਿਸ਼ਨ ਤਹਿਤ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਫੰਡ ਇਕੱਠੇ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੇ ਪੈਰਾਂ ’ਤੇ ਮੁੜ ਖੜ੍ਹਾ ਕੀਤਾ ਜਾ ਸਕੇ। ਉਨ੍ਹਾਂ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਆਇਆ ਇਕ-ਇਕ ਪੈਸਾ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਪੁਨਰਵਾਸ ਅਤੇ ਨਿਰਮਾਣ ਕਾਰਜਾਂ ’ਤੇ ਖ਼ਰਚ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੁੱਢਲੇ ਅਨੁਮਾਨਾਂ ਅਨੁਸਾਰ ਹੜ੍ਹਾਂ ਕਾਰਨ 13,800 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ ਅਤੇ ਪੰਜਾਬੀ ਕਦੇ ਵੀ ਸੰਕਟ ਦੇ ਸਾਹਮਣੇ ਝੁਕੇ ਨਹੀਂ ਸਗੋਂ ਚੱਟਾਨ ਵਾਂਗ ਹਮੇਸ਼ਾ ਹਿੱਕ ਤਾਣ ਕੇ ਖੜ੍ਹੇ ਹੋਏ ਹਨ। ਇਸ ਸਬੰਧੀ ਵੀਡੀਓ ਸੁਨੇਹਾ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ 2300 ਤੋਂ ਵੱਧ ਪਿੰਡ, 5 ਲੱਖ ਏਕੜ ਫ਼ਸਲ ਤੇ 20 ਲੱਖ ਲੋਕ ਪ੍ਰਭਾਵਿਤ ਹੋਏ ਹਨ ਜਦਕਿ 56 ਕੀਮਤੀ ਜਾਨਾਂ ਚਲੀਆਂ ਗਈਆਂ ਅਤੇ 7 ਲੱਖ ਲੋਕ ਬੇਘਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਰਕੇ ਪੰਜਾਬ ਅਜਿਹੇ ਦੌਰ ਵਿੱਚੋਂ ਗੁਜ਼ਰਿਆ ਹੈ, ਜਿਸ ਨੂੰ ਕਈ ਪੀੜ੍ਹੀਆਂ ਭੁਲਾ ਨਹੀਂ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪਿੰਡਾਂ ਵਿੱਚ 3200 ਸਕੂਲ ਤੇ 19 ਕਾਲਜ ਬਰਬਾਦ ਹੋ ਗਏ, 1400 ਕਲੀਨਿਕ ਤੇ ਹਸਪਤਾਲ ਖੰਡਰ ਬਣ ਗਏ, 8500 ਕਿਲੋਮੀਟਰ ਸੜਕਾਂ ਦੀ ਹਾਲਤ ਬਦਤਰ ਹੋ ਗਈ ਅਤੇ 2500 ਪੁਲ ਢਹਿ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੌਰਾਨ ਨੌਜਵਾਨਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਅੱਗੇ ਵਧ ਕੇ ਪੰਜਾਬੀਆਂ ਦੀ ਮਦਦ ਕੀਤੀ ਹੈ ਪਰ ਹੁਣ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਦੇਸ਼ ਦੇ ਆਮ ਲੋਕਾਂ, ਉਦਯੋਗਪਤੀਆਂ, ਕਲਾਕਾਰਾਂ, ਚੈਰੀਟੇਬਲ ਟਰੱਸਟਾਂ ਅਤੇ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਸੂਬੇ ਦੀ ਬਾਂਹ ਫੜਨ ਅਤੇ ਖੁੱਲ੍ਹੇ ਦਿਲ ਨਾਲ ਪੰਜਾਬ ਦੀ ਮਦਦ ਕਰਨ।
ਰਾਹਤ ਕਾਰਜਾਂ ਦੀ ਨਿਗਰਾਨੀ ਲਈ ਵਾਰ ਰੂਮ ਸਥਾਪਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਵਾਰ ਰੂਮ ਸਪਾਥਤ ਕੀਤਾ ਹੈ। ਇਸ ਵਾਰ ਰੂਮ ਰਾਹੀਂ ਮੁੱਖ ਮੰਤਰੀ ਖੁਦ ‘ਮਿਸ਼ਨ ਚੜ੍ਹਦੀ ਕਲਾ’ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ’ਤੇ ਸਿੱਧੀ ਨਜ਼ਰ ਰੱਖਣਗੇ।
ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਕੈਂਪਾਂ ਅਤੇ ਹੋਰ ਪ੍ਰਭਾਵਿਤ ਖੇਤਰਾਂ ਦਾ ਰੋਜ਼ਾਨਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।