ਨਵੀਂ ਦਿੱਲੀ, 23 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਅੱਜ ਪਾਰਟੀ ਵਿਚਾਰਧਾਰਕ ਸ਼ਿਆਮਾ ਪ੍ਰਸਾਦ ਮੁਖਰਜੀ ਦੀ 68ਵੀਂ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਸ੍ਰੀ ਮੋਦੀ ਨੇ ਟਵੀਟ ਰਾਹੀਂ ਡਾਕਟਰ ਮੁਖਰਜੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਹਾਨ ਵਿਚਾਰ ਅਤੇ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਸਾਰਿਆਂ ਨੂੰ ਪ੍ਰੇਰਿਤ ਕਰਨਾ ਜਾਰੀ ਰਖੇਗੀ। ‘ਉਨ੍ਹਾਂ ਵੱਲੋਂ ਕੌਮੀ ਏਕਤਾ ਲਈ ਕੀਤੇ ਗਏ ਯਤਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ।’ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੁਖਰਜੀ ਨੇ ਭਾਰਤ ਦੀ ਏਕਤਾ ਲਈ ਆਪਣਾ ਬਲਿਦਾਨ ਦਿੱਤਾ ਅਤੇ ਮੁਲਕ ਨੂੰ ਇਕ ਹੋਰ ਵੰਡ ਤੋਂ ਬਚਾਇਆ। ਉਨ੍ਹਾਂ ਕਿਹਾ ਕਿ ਸ੍ਰੀ ਮੁਖਰਜੀ ਨੇ ਸੱਤਾ ਦੀ ਭੁੱਖ ਲਈ ਜਨਸੰਘ ਦੀ ਸਥਾਪਨਾ ਨਹੀਂ ਕੀਤੀ ਸੀ। ਭਾਜਪਾ ਪ੍ਰਧਾਨ ਜੇ ਪੀ ਨੱਢਾ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸ੍ਰੀ ਮੁਖਰਜੀ ਨੇ ਆਪਣਾ ਜੀਵਨ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸਮਰਪਿਤ ਕਰ ਦਿੱਤਾ ਸੀ। -ਪੀਟੀਆਈ