ਮੋਦੀ ਵੱਲੋਂ ਉੱਤਰਾਖੰਡ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 1200 ਕਰੋੜ ਰੁਪਏ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਉੱਤਰਾਖੰਡ ਦੇ ਹੜ੍ਹ ਅਤੇ ਮੀਂਹ ਪ੍ਰਭਾਵਿਤ ਇਲਾਕਿਆਂ ਲਈ 1,200 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਦੇਹਰਾਦੂਨ ਦੇ ਜੌਲੀ ਗ੍ਰਾਂਟ ਹਵਾਈ ਅੱਡੇ ’ਤੇ ਪਹੁੰਚੇ, ਜਿੱਥੇ ਜੌਲੀ ਗ੍ਰਾਂਟ ਹਵਾਈ ਅੱਡੇ ’ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਪ੍ਰਧਾਨ ਮੰਤਰੀ ਨੇ ਮੌਨਸੂਨ ਦੌਰਾਨ ਪਹਾੜੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਈਆਂ ਕੁਦਰਤੀ ਆਫ਼ਤਾਂ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਵੀ ਕੀਤਾ।
ਉਨ੍ਹਾਂ ਸੂਬੇ ਵਿੱਚ ਹਾਲ ਹੀ ’ਚ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੌਰਾਨ ਅਨਾਥ ਹੋਏ ਬੱਚਿਆਂ ਲਈ ਪੀਐੱਮ ਕੇਅਰਜ਼ ਫਾਰ ਚਿਲਡਰਨ ਸਕੀਮ ਤਹਿਤ ਵਿਆਪਕ ਸਹਾਇਤਾ ਦਾ ਐਲਾਨ ਕੀਤਾ।
ਮੋਦੀ ਪੀੜਤ ਪਰਿਵਾਰਾਂ ਨਾਲ ਮਿਲੇ ਅਤੇ ਸੰਵੇਦਨਾ ਪ੍ਰਗਟ ਕੀਤੀ।
ਉਨ੍ਹਾਂ ਕੌਮੀ ਆਫ਼ਤ ਪ੍ਰਬੰਧਨ ਬਲ (NDRF), ਰਾਜ ਆਫ਼ਤ ਪ੍ਰਬੰਧਨ ਬਲ (SDRF) ਦੇ ਕਰਮਚਾਰੀਆਂ ਅਤੇ ਆਫ਼ਤ ਵਾਲੰਟੀਅਰਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਆਫ਼ਤ ਦੌਰਾਨ ਜ਼ਮੀਨੀ ਪੱਧਰ ’ਤੇ ਮਦਦ ਦਾ ਹੱਥ ਵਧਾਇਆ ਅਤੇ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪ੍ਰਭਾਵਿਤ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਮੁੜ ਵਸੇਬੇ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦੀ ਹੈ।
ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, ‘‘ਆਫ਼ਤ ਦੇ ਇਸ ਮੁਸ਼ਕਲ ਸਮੇਂ ਪੀੜਤ ਲੋਕਾਂ ਦੇ ਵਿਚਕਾਰ ਪ੍ਰਧਾਨ ਮੰਤਰੀ ਦੀ ਮੌਜੂਦਗੀ ਉਨ੍ਹਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦੀ ਹੈ।’’
ਐਤਕੀਂ ਮੌਨਸੂਨ ਦੌਰਾਨ ਭਾਰੀ ਮੀਂਹ, ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਤਬਾਹੀ ਹੋਈ ਹੈ, ਜਿਸ ਵਿੱਚ ਉੱਤਰਕਾਸ਼ੀ ਵਿੱਚ ਧਾਰਾਲੀ-ਹਰਸਿਲ, ਚਮੋਲੀ ਵਿੱਚ ਥਰਾਲੀ, ਰੁਦਰਪ੍ਰਯਾਗ, ਪੌੜੀ ਵਿੱਚ ਸੈਨਜੀ, ਬਾਗੇਸ਼ਵਰ ਵਿੱਚ ਕਪਕੋਟ ਅਤੇ ਨੈਨੀਤਾਲ ਜ਼ਿਲ੍ਹੇ ਦੇ ਕੁਝ ਹਿੱਸੇ ਸ਼ਾਮਲ ਹਨ।
ਇੱਕ ਅਧਿਕਾਰਤ ਅਨੁਮਾਨ ਮੁਤਾਬਕ ਇਸ ਸਾਲ ਅਪਰੈਲ ਤੋਂ ਉਤਰਾਖੰਡ ਵਿੱਚ ਕੁਦਰਤੀ ਆਫ਼ਤਾਂ ਕਾਰਨ ਹੁਣ ਤੱਕ 85 ਲੋਕਾਂ ਦੀ ਮੌਤ ਹੋ ਚੁੱਕੀ ਹੈ, 128 ਲੋਕ ਜ਼ਖ਼ਮੀ ਹੋਏ ਹਨ ਅਤੇ 94 ਲਾਪਤਾ ਹਨ।
ਪ੍ਰਧਾਨ ਮੰਤਰੀ ਦਾ ਇਹ ਦੌਰਾ ਕੇਂਦਰ ਦੀ ਇੱਕ ਅੰਤਰ-ਮੰਤਰਾਲਾ ਟੀਮ ਵੱਲੋਂ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਪ੍ਰਭਾਵਿਤ ਖੇਤਰਾਂ ਦੇ ਹਾਲ ਹੀ ਦੇ ਦੌਰੇ ਤੋਂ ਬਾਅਦ ਹੋਇਆ ਹੈ।
ਪ੍ਰਧਾਨ ਮੰਤਰੀ ਮੋਦੀ ਆਪਣੇ ਸੰਸਦੀ ਹਲਕੇ ਵਾਰਾਣਸੀ ਤੋਂ ਉੱਤਰਾਖੰਡ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਮੌਰੀਸ਼ੀਅਨ ਹਮਰੁਤਬਾ ਨਵੀਨਚੰਦਰ ਰਾਮਗੁਲਮ ਨਾਲ ਮੁਲਾਕਾਤ ਕੀਤੀ।
ਮੋਦੀ ਮੰਗਲਵਾਰ ਨੂੰ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਇੱਕ ਦਿਨ ਦੇ ਦੌਰੇ ’ਤੇ ਸਨ। ਉਨ੍ਹਾਂ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੋਵਾਂ ਰਾਜਾਂ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਵੀ ਕੀਤਾ।
ਉਨ੍ਹਾਂ ਨੇ ਮੀਂਹ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਲਈ 1,500 ਕਰੋੜ ਰੁਪਏ ਦੀ ਤੁਰੰਤ ਰਾਹਤ ਦਾ ਐਲਾਨ ਕੀਤਾ।
ਬਾਅਦ ਵਿੱਚ ਪੰਜਾਬ ’ਚ ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹ ਪ੍ਰਭਾਵਿਤ ਸਰਹੱਦੀ ਰਾਜ ਲਈ 1,600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ। ਉਨ੍ਹਾਂ ਨੇ ਸਰਹੱਦੀ ਰਾਜ ਵਿੱਚ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਜੋ 1988 ਤੋਂ ਬਾਅਦ ਆਪਣੇ ਸਭ ਤੋਂ ਭਿਆਨਕ ਹੜ੍ਹ ਨਾਲ ਜੂਝ ਰਿਹਾ ਹੈ।