ਅਸੰਭਵ ਨੂੰ ਸੰਭਵ ਬਣਾ ਸਕਦੇ ਨੇ ਮੋਦੀ: ਰਾਧਾਕ੍ਰਿਸ਼ਨਨ
ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਹੋਰ ਆਲਮੀ ਆਗੂਆਂ ਨਾਲ ਮਜ਼ਬੂਤ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੋਦੀ ਅਸੰਭਵ ਨੂੰ ਸੰਭਵ ਬਣਾ ਸਕਦੇ ਹਨ।
ਪ੍ਰਧਾਨ ਮੰਤਰੀ ਦੇ ਭਾਸ਼ਣਾਂ ਦੀਆਂ ਦੋ ਪੁਸਤਕਾਂ ਰਿਲੀਜ਼ ਕਰਨ ਮੌਕੇ ਉਪ ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਵੱਲੋਂ ਭਾਰਤ ’ਤੇ 50 ਫੀਸਦ ਟੈਰਿਫ ਲਾਉਣ ਦੇ ਬਾਵਜੂਦ ਟਰੰਪ ਨੇ ਹਮੇਸ਼ਾ ਮੋਦੀ ਨੂੰ ਆਪਣਾ ਚੰਗਾ ਦੋਸਤ ਦੱਸਿਆ ਹੈ। ਇਸੇ ਤਰ੍ਹਾਂ ‘ਕੌਮਾਂਤਰੀ ਰਾਜਨੀਤੀ ਵਿੱਚ ਮਤਭੇਦਾਂ ਦੇ ਬਾਵਜੂਦ’ ਚੀਨੀ ਰਾਸ਼ਟਰਪਤੀ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ। ਉਪ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਜਨਤਕ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਧਾਕ੍ਰਿਸ਼ਨਨ ਨੇ ਕਿਹਾ, ‘ਅਮਰੀਕਾ ਨੇ ਭਾਰਤ ’ਤੇ 50 ਫੀਸਦ ਟੈਰਿਫ ਲਾਇਆ ਹੈ, ਪਰ ਟਰੰਪ ਹਮੇਸ਼ਾ ਕਹਿੰਦੇ ਹਨ ਕਿ ਮੋਦੀ ਉਨ੍ਹਾਂ ਦੇ ਚੰਗੇ ਦੋਸਤ ਹਨ। ਇਸ ਸਥਿਤੀ ਵਿੱਚ ਵੀ ਉਨ੍ਹਾਂ ਨੇ ਕਦੇ ਇਹ ਨਹੀਂ ਕਿਹਾ ਕਿ ਮੈਂ ਮੋਦੀ ਦੇ ਵਿਰੁੱਧ ਹਾਂ, ਸਗੋਂ ਉਹ ਹਮੇਸ਼ਾ ਕਹਿੰਦੇ ਹਨ ਕਿ ਮੈਂ ਮੋਦੀ ਦੇ ਨਾਲ ਹਾਂ।’ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਇਸੇ ਲਈ ਉਹ (ਪ੍ਰਧਾਨ ਮੰਤਰੀ ਮੋਦੀ) ਅਸੰਭਵ ਨੂੰ ਸੰਭਵ ਬਣਾਉਂਦੇ ਹਨ।’
ਮੋਦੀ ਦੇ ਕੰਮ ਕਰਨ ਦੇ ਤਰੀਕੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲੋਕਾਂ ਲਈ ਇਮਾਨਦਾਰੀ ਨਾਲ ਕੰਮ ਕਰਦੇ ਹਨ ਅਤੇ ਬਦਲੇ ਵਿੱਚ ਕਿਸੇ ਚੀਜ਼ ਦੀ ਉਮੀਦ ਨਹੀਂ ਰੱਖਦੇ ਹਨ।