ਨਵੀਂ ਦਿੱਲੀ: ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਸਰਕਾਰ ਨੇ ਇਤਿਹਾਸਕ ਫ਼ੈਸਲੇ ਲੈ ਕੇ ਅਤੇ ਸੁਧਾਰਾਂ ਨਾਲ ਲੱਖਾਂ ਕਿਸਾਨਾਂ ਦੀ ਜ਼ਿੰਦਗੀ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲਾਂ ’ਚ ਸਰਕਾਰ ਨੇ ਲੋਕਾਂ ਨੂੰ ਸਸਤੀ ਅਤੇ ਵਧੀਆ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਇਆ ਹੈ। ਮੋਦੀ ਸਰਕਾਰ ਦੀ ਸੱਤਵੀਂ ਵਰ੍ਹੇਗੰਢ ’ਤੇ ਉਨ੍ਹਾਂ ਲੋਕਾਂ ਦੀ ਭਲਾਈ ਅਤੇ ਦੇਸ਼ ਸੇਵਾ ’ਚ ਕੀਤੇ ਗਏ ਕੰਮਾਂ ਲਈ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਦਿਨ ਨੂੰ ਸੇਵਾ ਦਿਵਸ ਵਜੋਂ ਮਨਾਇਆ ਜਾਵੇ। ਕੇਂਦਰੀ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਮੋਦੀ ਸਰਕਾਰ ਪਿਛਲੇ ਸੱਤ ਸਾਲਾਂ ਤੋਂ ਕਿਸਾਨਾਂ ਦੀ ਭਲਾਈ ਪ੍ਰਤੀ ਪੂਰੇ ਸਮਰਪਣ ਨਾਲ ਕੰਮ ਕਰ ਰਹੀ ਹੈ। -ਪੀਟੀਆਈ