ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 28 ਜੁਲਾਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਅੰਗਰੇਜ਼ੀ ਹਕੂਮਤ ਦੀ ‘ਫੁੱਟ ਪਾਓ ਤੇ ਰਾਜ ਕਰੋ’ ਨੀਤੀ ਤੋਂ ਚਾਰ ਕਦਮ ਅਗਾਂਹ ਜਾ ਕੇ ‘ਲੜਾਓ ਅਤੇ ਰਾਜ ਕਰੋ’ ਦੀ ਨਫ਼ਰਤ ਭਰੀ ਨੀਤੀ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਤੋੜਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਤਾਂ ਜੋ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਸਾਬੋਤਾਜ ਕੀਤਾ ਜਾ ਸਕੇ। ਇਹ ਗੱਲ ਉਨ੍ਹਾਂ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਸੱਤਵੀਂ ਵਾਰ ਲੋਕ ਸਭਾ ਵਿੱਚ ‘ਕੰਮ ਰੋਕੂ ਮਤਾ’ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਅਤੇ ਸਰ ਛੋਟੂ ਰਾਮ ਦੇ ਸੁਫਨਿਆਂ ਦਾ ਭਾਰਤ ਸਿਰਜਣ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਚੱਲਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ,‘‘ਮੋਦੀ ਦੀ ਸਰਕਾਰ ਕਿਸਾਨ ਅੰਦੋਲਨ ਦੀ ਦੇਸ਼ ਵਿਆਪੀ ਸਫ਼ਲਤਾ ਨੂੰ ਦੇਖ ਕੇ ਘਬਰਾ ਗਈ ਹੈ ਅਤੇ ਸਰਕਾਰੀ ਏਜੰਸੀਆਂ ਕਿਸਾਨ ਅੰਦੋਲਨ ਦੇ ਆਗੂਆਂ ਵਿੱਚ ਫੁੱਟ ਪਾਉਣ ਦਾ ਯਤਨ ਕਰ ਰਹੀਆਂ ਹਨ।’’ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਤੋਂ ਬਾਜ਼ ਆਵੇ।
ਕਿਸਾਨ ਆਗੂਆਂ ਨੂੰ ਕੇਂਦਰ ਸਰਕਾਰ ਦੀ ‘ਫੁੱਟ ਪਾਓ ਤੇ ਰਾਜ ਕਰੋ’ ਦੀ ਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ ਆਗੂਆਂ ’ਚ ਏਕਤਾ ਦੀ ਬਹੁਤ ਲੋੜ ਹੈ। ਮਾਨ ਨੇ ਕਿਹਾ ਕਿ ਦੇਸ਼ ਦੇ ‘ਅੰਨ ਤੇ ਧਨ’ ਨੂੰ ਤਿਜੋਰੀ ਵਿੱਚ ਬੰਦ ਹੋਣ ਤੋਂ ਬਚਾਉਣ ਲਈ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਸੁਹਿਰਦ ਰਾਜਨੀਤਿਕ ਆਗੂਆਂ ਦਾ ਏਕਾ ਸਮੇਂ ਦੀ ਲੋੜ ਹੈ।