ਨਹਿਰੂ ਦਾ ਯੋਗਦਾਨ ਨਕਾਰ ਰਹੇ ਨੇ ਮੋਦੀ: ਕਾਂਗਰਸ
ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਜਵਾਹਰ ਲਾਲ ਨਹਿਰੂ ਦੇ ਯੋਗਦਾਨ ਨੂੰ ‘ਨਕਾਰਨ, ਬਦਨਾਮ ਕਰਨ ਅਤੇ ਤੋੜ-ਮਰੋੜ ਕੇ ਪੇਸ਼ ਕਰਨ’ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਹਮਲੇ ਦੇ ਬਾਵਜੂਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਦੀ ਵਿਰਾਸਤ ਨੂੰ ਮਿਟਾਇਆ ਨਹੀਂ ਜਾ ਸਕਦਾ। ਨਹਿਰੂ ਦੇ 136ਵੇਂ ਜਨਮ ਦਿਨ ਮੌਕੇ ਕਾਂਗਰਸ ਨੇ ਮੋਦੀ ਸਰਕਾਰ ’ਤੇ ਇਹ ਸ਼ਬਦੀ ਵਾਰ ਕੀਤੇ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਆਗੂ ਸੋਨੀਆ ਗਾਂਧੀ ਨੇ ਨਹਿਰੂ ਦੀ ਸਮਾਧ ਸ਼ਾਂਤੀ ਵਣ ਵਿੱਚ ਸ਼ਰਧਾਂਜਲੀ ਭੇਟ ਕੀਤੀ। ਖੜਗੇ ਨੇ ਨਹਿਰੂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿਰਾਸਤ ‘ਆਜ਼ਾਦੀ, ਲੋਕਤੰਤਰ, ਧਰਮ ਨਿਰਪੱਖਤਾ ਅਤੇ ਵਿਗਿਆਨਕ ਸੋਚ’ ਨੂੰ ਉਭਾਰਦੀ ਹੈ।
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਨਹਿਰੂ ਨੇ ਆਪਣੀ ਦੂਰਅੰਦੇਸ਼ੀ ਅਗਵਾਈ ਨਾਲ ਆਜ਼ਾਦ ਭਾਰਤ ਵਿੱਚ ਸੰਵਿਧਾਨਕ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਨੀਂਹ ਰੱਖੀ ਅਤੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਐਕਸ ’ਤੇ ਕਿਹਾ, ‘‘ਉਨ੍ਹਾਂ ਦੇ ਆਦਰਸ਼ ਅਤੇ ਕਦਰਾਂ-ਕੀਮਤਾਂ ਅੱਜ ਵੀ ਸਾਡੇ ਲਈ ਪ੍ਰੇਰਨਾ ਸਰੋਤ ਹਨ। ਹਿੰਦ ਕੇ ਜਵਾਹਰ ਨੂੰ ਉਨ੍ਹਾਂ ਦੀ ਜੈਯੰਤੀ ’ਤੇ ਪ੍ਰਣਾਮ।’’ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ, ‘‘ਜੋ ਲੋਕ 20ਵੀਂ ਸਦੀ ਦੇ ਇਤਿਹਾਸ ’ਚੋਂ ਉਨ੍ਹਾਂ ਦਾ ਨਾਂ ਮਿਟਾਉਣ ’ਤੇ ਤੁਲੇ ਹੋਏ ਹਨ, ਉਹ ਸਿਰਫ਼ ਆਪਣੀ ਅਸੁਰੱਖਿਆ ਅਤੇ ਕਮੀਆਂ ਦਰਸਾ ਰਹੇ ਹਨ।’’ ਉਨ੍ਹਾਂ ਕਿਹਾ, ‘‘ਅੱਜ ਉਸ ਵਿਅਕਤੀ ਦਾ 136ਵਾਂ ਜਨਮ ਦਿਨ ਹੈ, ਜਿਸ ਦੀ ਗੂੰਜ ਅੱਜ ਵੀ ਪੂਰੀ ਦੁਨੀਆ ਵਿੱਚ ਹੈ, ਪਰ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਨੂੰ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਬ੍ਰਿਗੇਡ ਵੱਲੋਂ ਨਕਾਰਨ, ਬਦਨਾਮ ਕਰਨ ਅਤੇ ਤੋੜ-ਮਰੋੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।’’
ਪਾਰਟੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਤੋਂ ਲਿਖਿਆ, ‘‘ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਦਿਲੋਂ ਸ਼ਰਧਾਂਜਲੀ! ਉਨ੍ਹਾਂ ਦੀ ਵਿਰਾਸਤ ਸਾਡਾ ਮਾਰਗ ਦਰਸ਼ਕ ਬਣੀ ਹੋਈ ਹੈ।’’
ਮੋਦੀ ਵੱਲੋਂ ਨਹਿਰੂ ਨੂੰ ਸ਼ਰਧਾਂਜਲੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਕਿਹਾ, ‘‘ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ।’’ -ਪੀਟੀਆਈ
