ਨਵੀਂ ਦਿੱਲੀ, 27 ਨਵੰਬਰ
ਦੱਖਣੀ ਅਫ਼ਰੀਕਾ ਵਿੱਚ ਨੋਵਲ ਕਰੋਨਾ ਵਾਇਰਸ ਦੇ ਇੱਕ ਨਵੇਂ ਰੂਪ ਦਾ ਪਤਾ ਲੱਗਣ ਅਤੇ ਇਸ ਬਾਰੇ ਵਿਸ਼ਵਵਿਆਪੀ ਖਦਸ਼ਿਆਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਿੱਚ ਕੋਵਿਡ-19 ਦੀ ਤਾਜ਼ਾ ਸਥਿਤੀ ਅਤੇ ਚੱਲ ਰਹੀ ਟੀਕਾਕਰਨ ਮੁਹਿੰਮ ਦੀ ਸਮੀਖਿਆ ਲਈ ਮੀਟਿੰਗ ਕੀਤੀ। ਮੀਟਿੰਗ ਸਵੇਰੇ ਸਾਢੇ ਦਸ ਵਜੇ ਸ਼ੁਰੂ ਹੋਈ।ਡਿਜੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਸਕੱਤਰ ਰਾਜੀਵ ਗਾਬਾ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ, ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ, ਨੀਤੀ ਆਯੋਗ ਦੇ ਮੈਂਬਰ (ਸਿਹਤ) ਵੀਕੇ ਪਾਲ ਅਤੇ ਕੁਝ ਹੋਰ ਅਧਿਕਾਰੀ ਮੌਜੂਦ ਸਨ ।ਪ੍ਰਧਾਨ ਮੰਤਰੀ ਨੂੰ ਕਰੋਨਾ ਵਾਇਰਸ ਦੇ ਨਵੇਂ ਰੂਪ, ਇਸ ਦੇ ਲੱਛਣਾਂ ਅਤੇ ਵੱਖ-ਵੱਖ ਦੇਸ਼ਾਂ ਵਿੱਚ ਦਿਖਾਈ ਦੇਣ ਵਾਲੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਗਈ। ਸ੍ਰੀ ਮੋਦੀ ਨੇ ਕਿਹਾ ਕਿ ਨਵੇਂ ਖ਼ਤਰੇ ਦੇ ਮੱਦੇਨਜ਼ਰ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ, ਪੂਰਾ ਅਹਿਤਿਆਤ ਵਰਤਣ। ਉਨ੍ਹਾਂ ਨੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਆਮਦ, ਉਨ੍ਹਾਂ ਦੀ ਜਾਂਚ ਦੀ ਨਿਗਰਾਨੀ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਰੋਨਾ ਦੇ ਨਵੇਂ ਰੂਪ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਨੂੰ ਢਿੱਲਾ ਕਰਨ ਦੀ ਤਿਆਰੀ ’ਤੇ ਨਜ਼ਰਸਾਨੀ ਕੀਤੀ ਜਾਵੇ।